ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਸਤੰਬਰ

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਤੋਂ ਇਸ ਕਰਕੇ ਪ੍ਰੇਸ਼ਾਨ ਹਨ ਕਿਉਂਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਨੂੰ ਅਕਾਲੀ ਆਗੂਆਂ ਤੋਂ ਤਸੱਲੀਬਖ਼ਸ਼ ਜਵਾਬ ਨਹੀਂ ਮਿਲਦੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਮਿਸਾਲ ਦੇ ਤੌਰ ’ਤੇ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਵਾਪਰੇ ਸੰਵੇਦਨਸ਼ੀਲ ਮਾਮਲੇ ਖਾਸ ਕਰ ਬੇਅਦਬੀ ਮਾਮਲੇ ਦਾ ਲੋਕਾਂ ਨੂੰ ਹਾਲੇ ਤੱਕ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਨੇ ਸਿਆਸੀ ਪਾਰਟੀਆਂ ਨੂੰ ਇਹ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਨ ਤਾਂ ਜੋ ਖੇਤੀ ਕਾਨੂੰਨ ਵਾਪਸੀ ਲਈ ਦਬਾਅ ਬਣ ਸਕੇ। ਇਸ ਦੇ ਉਲਟ ਅਕਾਲੀ ਦਲ ਵਾਲੇ ਹਜੂਮ ਲੈ ਕੇ ਉੱਥੇ ਚਲੇ ਗਏ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਤਾਂ ਕਿਹਾ ਸੀ ਕਿ ਪਾਰਟੀ ਦੇ ਕੁਝ ਲੋਕ ਜਾ ਕੇ ਸਰਕਾਰ ਤੋਂ ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ ਕਰਨ। ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਬਾਰੇ ਕਿਸਾਨ ਆਗੂ ਨੇ ਕਿਹਾ ਕਿ ਬੀਬੀ ਬਾਦਲ ਕੋਲ ਆਰਡੀਨੈਂਸ ਪਾਸ ਹੋਣ ਤੋਂ ਪਹਿਲਾਂ ਮੰਤਰੀ ਮੰਡਲ ਦੀ ਏਜੰਡਾ ਪਹੁੰਚ ਗਿਆ ਸੀ। ਇਸ ਲਈ ਉਸ ਨੂੰ ਉਸ ਵੇਲੇ ਵਿਰੋਧ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਤੇ ਵਰਕਰ ਜਦੋਂ ਦਿੱਲੀ ਗਏ ਉਸ ਸਮੇਂ ਆਪਣੀ ਪਾਰਟੀ ਦੇ ਝੰਡੇ ਲੈ ਕੇ ਗਏ ਤੇ ਕਿਸਾਨੀ ਅੰਦੋਲਨ ਦਾ ਕੋਈ ਵੀ ਨਾਅਰਾ ਨਹੀਂ ਲੱਗਿਆ। ਕੇਵਲ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲੱਗੇ ਸਨ।

InterServer Web Hosting and VPS

ਚੰਨੀ ਆਮ ਕਿਸਾਨ ਵਾਂਗ ਧਰਨੇ ’ਚ ਆਉਣ ਪਰ ਮੰਚ ਸਾਂਝਾ ਕਰਨ ਦੀ ਇਜਾਜ਼ਤ ਨਹੀਂ

ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ’ਤੇ ਪ੍ਰਤੀਕਿਰਿਆ ਦਿੰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਕਿਸਾਨ ਧਰਨੇ ਵਿੱਚ ਸ਼ਾਮਲ ਹੁੰਦੇ ਹਨ, ਉਹ ਜ਼ਰੂਰ ਆ ਸਕਦੇ ਹਨ ਪਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਮੰਚ ਸਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Source link