ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 13 ਦਸੰਬਰ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੂਪਾਨੀ ਨੇ ਦੋਸ਼ ਲਾਇਆ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੈਂਗਸਟਰਾਂ ਤੇ ਗ਼ੈਰਸਮਾਜੀ ਅਨਸਰਾਂ ਦਾ ਰਾਜ ਕਾਇਮ ਕਰ ਦਿੱਤਾ ਹੈ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਜੋ ਕਿ ਦੋ ਰੋਜ਼ਾ ਦੌਰੇ ’ਤੇ ਪੰਜਾਬ ਦੇ ਆਗੂਆਂ ਨਾਲ ਭਾਜਪਾ ਦੀ ਜਥੇਬੰਦਕ ਮਜ਼ਬੂਤੀ ਸਬੰਧੀ ਮੀਟਿੰਗਾਂ ਕਰਨ ਆਏ ਹਨ। ਉਨ੍ਹਾਂ ਪਹਿਲੇ ਦਿਨ ਵੱਖ-ਵੱਖ ਵਿੰਗਾਂ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ। ਵਿਜੇ ਰੂਪਾਣੀ ਨੇ ਕਿਹਾ ਕਿ ਗੁਜਰਾਤ ਵਾਂਗ ਪੰਜਾਬ ਵੀ ਸਰਹੱਦੀ ਸੂਬਾ ਹੈ ਅਤੇ ਇਸ ਦੀਆਂ ਆਪਣੀਆਂ ਸਮੱਸਿਆਵਾਂ ਹਨ। ਇਸ ਕਾਰਨ ਇੱਥੇ ਕਾਨੂੰਨ ਵਿਵਸਥਾ ਨੂੰ ਬਹੁਤ ਸੋਚ ਸਮਝ ਕੇ ਸੰਭਾਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰਾਮ ਭਰੋਸੇ ਛੱਡ ਕੇ ਚੋਣਾਂ ਵਾਲੇ ਸੂਬਿਆਂ ਦੇ ਸਿਆਸੀ ਸਫਰ ਦਾ ਆਨੰਦ ਮਾਣ ਰਹੇ ਹਨ। ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਖੁਦ ਹੀ ਟੁੱਟ ਰਹੀ ਹੈ ਅਤੇ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਕੱਢ ਰਹੇ ਹਨ। ਵਿਜੇ ਰੂਪਾਣੀ ਨੇ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ, ਨਗਰ ਪਾਲਿਕਾ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਸੂਬਾ ਕੋਰ ਗਰੁੱਪ, ਸੂਬਾਈ ਅਹੁਦੇਦਾਰਾਂ, ਸੂਬਾ ਪ੍ਰਧਾਨਾਂ ਅਤੇ ਨਗਰ ਨਿਗਮਾਂ, ਨਗਰ ਪਾਲਿਕਾਵਾਂ ਅਤੇ ਨਗਰ ਪੰਚਾਇਤਾਂ ਦੇ ਇੰਚਾਰਜਾਂ ਨਾਲ ਮੀਟਿੰਗਾਂ ਕੀਤੀਆਂ। ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਅਹੁਦੇਦਾਰਾਂ ਨੇ ਸ੍ਰੀ ਰੂਪਾਣੀ ਦਾ ਸਵਾਗਤ ਕੀਤਾ। ਇਸ ਮੌਕੇ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸਲੂ, ਤਰੁਣ ਚੁੱਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ, ਅਮਨਜੋਤ ਕੌਰ ਰਾਮੂਵਾਲੀਆ, ਬਿਕਰਮਜੀਤ ਸਿੰਘ ਚੀਮਾ ਹਾਜ਼ਰ ਸਨ। 

Source link