ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 18 ਅਪਰੈਲ

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸਿਰ ਚੜ੍ਹੇ ਤਿੰਨ ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਜਾਂਚ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਹੈ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪਿਛਲੇ ਇੱਕ ਮਹੀਨੇ ਦੌਰਾਨ ਜਾਰੀ ਕੀਤੇ ਗਏ ਸਾਰੇ ਇਸ਼ਤਿਹਾਰਾਂ ਦੀ ਜਾਂਚ ਵੀ ਮੰਗੀ ਹੈ। ਇਕ ਬਿਆਨ ਰਾਹੀਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਰੇ ਚਾਹੁੰਦੇ ਹਨ ਕਿ ਸੂਬੇ ਸਿਰ ਚੜ੍ਹੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਨਿਰਪੱਖ ਜਾਂਚ ਹੋਵੇ ਪਰ ਇਸ ਜਾਂਚ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਰਾਹ ਵਿਚ ਰੁਕਾਵਟ ਦੇ ਬਹਾਨੇ ਵਜੋਂ ਨਾ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਵੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜਣ ਲਈ ਖ਼ਜ਼ਾਨਾ ਖਾਲੀ ਹੋਣ ਦਾ ਬਹਾਨਾ ਵਰਤਿਆ ਸੀ। ਉਨ੍ਹਾਂ ਕਿਹਾ ਕਿ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਸੂਬੇ ਦੇ ਵਿੱਤੀ ਹਾਲਾਤ ਦੀ ਜਾਣਕਾਰੀ ਹੋਣ ਦੇ ਬਾਵਜੂਦ ਮੁੱਖ ਮੰਤਰੀ ਹੁਣ ਜਾਂਚ ਦਾ ਬਹਾਨਾ ਬਣਾਉਣ ਲੱਗ ਪਏ ਹਨ।

ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਬੀਤੇ ਇਕ ਮਹੀਨੇ ਅੰਦਰ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ਼ਤਿਹਾਰਾਂ ਦੀ ਜਾਂਚ ਦੇ ਹੁਕਮ ਵੀ ਦੇਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਆਪਣੀਆਂ ਕਥਿਤ ਪ੍ਰਾਪਤੀਆਂ ਗਿਣਾਉਣ ਲਈ ਦੱਖਣੀ ਭਾਰਤ ਵਿਚ ਸਥਾਨਕ ਖੇਤਰੀ ਭਾਸ਼ਾਵਾਂ ਵਿਚ ਇਸ਼ਤਿਹਾਰ ਦਿੱਤੇ ਜਾ ਰਹੇ ਹਨ। ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਇਸ਼ਤਿਹਾਰ ਦਿੱਤੇ ਗਏ ਹਨ। ਇਸ ਉਦੇਸ਼ ਲਈ ਖ਼ਰਚੇ ਕਰੋੜਾਂ ਰੁਪਏ ਦਾ ਪੰਜਾਬ ਜਾਂ ਪੰਜਾਬੀਆਂ ਨੂੰ ਕਿਸੇ ਤਰੀਕੇ ਲਾਭ ਨਹੀਂ ਹੋਵੇਗਾ। ਡਾ. ਚੀਮਾ ਨੇ ਕਿਹਾ ਕਿ ਜਿਸ ਅਥਾਰਿਟੀ ਨੇ ਇਹ ਇਸ਼ਤਿਹਾਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ, ਉਸ ਦਾ ਖ਼ੁਲਾਸਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਵੀ ਖ਼ੁਲਾਸਾ ਹੋਣਾ ਚਾਹੀਦਾ ਹੈ ਕਿ ਕੀ ਭਗਵੰਤ ਮਾਨ ਨੇ ਇਹ ਇਸ਼ਤਿਹਾਰ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਜਾਂ ਇਸ ਦੇ ਹੁਕਮ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤੇ ਸਨ, ਜਿਸ ਕਾਰਨ ਪੰਜਾਬ ਸਰਕਾਰ ਨੂੰ ਕੌਮੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਦੇ ਪ੍ਰਚਾਰ ਦੀ ਕੀਮਤ ਸਹਿਣੀ ਪਈ।

Source link