ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 19 ਦਸੰਬਰ
ਇੱਥੇ ਅੱਜ ਆਰਐੱਸਐੱਸ ਨਾਲ ਸਬੰਧਤ ਭਾਰਤੀ ਕਿਸਾਨ ਸੰਘ (ਬੀਕੇਐੱਸ) ਦੇ ਬੈਨਰ ਹੇਠ ਹਜ਼ਾਰਾਂ ਕਿਸਾਨਾਂ ਨੇ ਖੇਤੀ ਨਾਲ ਸਬੰਧਤ ਵਸਤਾਂ ’ਤੇ ਜੀਐੱਸਟੀ ਵਾਪਸ ਲੈਣ ਦੀ ਮੰਗ ਕਰਦਿਆਂ ਸਥਾਨਕ ਰਾਮ ਲੀਲ੍ਹਾ ਮੈਦਾਨ ਵਿੱਚ ‘ਕਿਸਾਨ ਗਰਜਨਾ ਰੈਲੀ’ ਕੀਤੀ।
ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ, ਮਹਾਰਾਸ਼ਟਰ, ਤਿਲੰਗਾਨਾ, ਆਂਧਰਾ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼ ਤੇ ਪੱਛਮੀ ਬੰਗਾਲ ਸਮੇਤ ਕਈ ਰਾਜਾਂ ਤੋਂ ਟਰੈਕਟਰਾਂ, ਮੋਟਰਸਾਈਕਲਾਂ ਅਤੇ ਪ੍ਰਾਈਵੇਟ ਬੱਸਾਂ ਰਾਹੀਂ ਇਥੇ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਅੱਜ ਸਥਾਨਕ ਰਾਮ ਲੀਲ੍ਹਾ ਮੈਦਾਨ ਵਿੱਚ ‘ਕਿਸਾਨ ਗਰਜਨਾ ਰੈਲੀ’ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਰਾਜਾਂ ਅਤੇ ਕੇਂਦਰ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਧਰਨਾਕਾਰੀਆਂ ਨੇ ਖੇਤੀ ਸਬੰਧੀ ਸਾਮਾਨ ’ਤੇ ਲਗਾਈ ਜੀਐੱਸਟੀ ਵਾਪਸ ਲੈਣ, ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਆਮਦਨੀ ਸਹਾਇਤਾ ਵਿੱਚ ਵਾਧਾ ਕਰਨ, ਜੀਐੱਮ ਫ਼ਸਲਾਂ ਦੇ ਵਪਾਰਕ ਉਤਪਾਦਨ ਦੀ ਆਗਿਆ ਨੂੰ ਰੱਦ ਕਰਨ ਅਤੇ ਲਾਗਤ ਦੇ ਆਧਾਰ ’ਤੇ ਸਾਰੀਆਂ ਫ਼ਸਲਾਂ ਦੀ ਲਾਹੇਵੰਦ ਕੀਮਤ ਦੇਣ ਦੀ ਮੰਗ ਕੀਤੀ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਛੇਤੀ ਨਾ ਮੰਨੀਆਂ ਗਈਆਂ ਤਾਂ ਰਾਜ ਤੇ ਕੇਂਦਰ ਸਰਕਾਰਾਂ ਨੂੰ ਮੁਸੀਬਤ ਦਾ ਸਾਹਮਣਾ ਕਰਨਾ ਪਵੇਗਾ। ਬੀਕੇਐੱਸ ਦੀ ਕੌਮੀ ਜਨਰਲ ਸਕੱਤਰ ਮੋਹਿਨੀ ਮੋਹਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜਿਹਾ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਿਸਾਨ ਮੰਗਤੇ ਨਹੀਂ ਹਨ ਤੇ ਫ਼ਸਲਾਂ ਦਾ ਲਾਹੇਵੰਦ ਭਾਅ ਮਿਲਣਾ ਉਨ੍ਹਾਂ ਦਾ ਹੱਕ ਹੈ। ਇਸ ਮੌਕੇ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਨਰਿੰਦਰ ਪਾਟੀਦਾਰ ਨੇ ਕਿਹਾ ਕਿ ਵਧਦੀ ਲਾਗਤ ਤੇ ਮਹਿੰਗਾਈ ਕਾਰਨ ਖੇਤੀ ਦਿਨੋਂ ਦਿਨ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।