ਪੱਤਰ ਪ੍ਰੇਰਕ

ਚੰਡੀਗੜ੍ਹ, 22 ਨਵੰਬਰ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਲਈ ਅੱਜ ਚੰਡੀਗੜ੍ਹ ਦੇ ਸੈਕਟਰ-17 ਵਿੱਚ ਉਦਯੋਗ ਅਤੇ ਕਾਮਰਸ ਵਿਭਾਗ ਮੁਲਾਜ਼ਮ ਐਸੋਸੀਏਸ਼ਨ ਵੱਲੋਂ ਸਵਾਗਤੀ ਰੈਲੀ ਕੀਤੀ ਗਈ। ਇਸ ਵਿੱਚ ਸ਼ਾਮਲ ਹੋਏ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ‘ਆਪ’ ਸਰਕਾਰ ਦੇ ਇਸ ਨੋਟੀਫਿਕੇਸ਼ਨ ਦਾ ਸਵਾਗਤ ਕੀਤਾ। ਐਸੋਸੀਏਸ਼ਨ ਦੇ ਪ੍ਰਧਾਨ ਰੰਜੀਵ ਕੁਮਾਰ ਸ਼ਰਮਾ, ਜਨਰਲ ਸਕੱਤਰ ਰਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਇਸ ਸਵਾਗਤੀ ਰੈਲੀ ਵਿੱਚ ‘ਆਪ’ ਦੇ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਤੇ ਦਰਸ਼ਨ ਸਿੰਘ ਪਤਲੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਪ੍ਰਧਾਨ ਰੰਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਵਿਸਥਾਰਪੂਰਵਕ ਨੋਟੀਫਿਕੇਸ਼ਨ ਵੀ ਜਲਦ ਆ ਰਿਹਾ ਹੈ। ‘ਆਪ’ ਦੇ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਅਤੇ ਦਰਸ਼ਨ ਸਿੰਘ ਪਤਲੀ ਨੇ ਕਿਹਾ ਕਿ ਪੈਨਸ਼ਨਰਾਂ ਨੂੰ 2.59 ਗੁਣਾਂਕ ਦਾ ਲਾਭ ਦੇਣਾ, 2016 ਤੋਂ ਬਾਅਦ ਰਿਟਾਇਰ ਹੋਏ ਕਰਮਚਾਰੀਆਂ ਨੂੰ ਲੀਵ-ਇਨਕੈਸ਼ਮੈਂਟ ਅਦਾ ਕਰਨੀ ਅਤੇ ਪਰਖਕਾਲ ਸਮਾਂ ਘਟਾਉਣਾ ਆਦਿ ਮਾਮਲੇ ਵੀ ਸਰਕਾਰ ਦੇ ਧਿਆਨ ਗੋਚਰੇ ਹਨ। 

Source link