ਦਵਿੰਦਰ ਪਾਲ/ਗਗਨਦੀਪ ਅਰੋੜਾ

ਚੰਡੀਗੜ੍ਹ/ਲੁਧਿਆਣਾ, 4 ਅਕਤੂਬਰ

InterServer Web Hosting and VPS

ਸ਼੍ਰੋਮਣੀ ਅਕਾਲੀ ਦਲ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀਆਂ ਘਟਨਾਵਾਂ ਸਬੰਧੀ ਚਰਚਾ ਲਈ ਭਲਕੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਖੁਲਾਸਾ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਰਦਿਆਂ ਕਿਹਾ ਕਿ ਅਕਾਲੀ ਦਲ ਵੱਲੋਂ ਕਿਸਾਨੀ ਸੰਘਰਸ਼ ਦੀ ਖੁੱਲ੍ਹ ਕੇ ਹਮਾਇਤ ਕੀਤੀ ਜਾਵੇਗੀ। ਪਾਰਟੀ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ, ਉਸ ਦੇ ਪੁੱਤਰ ਅਤੇ ਹੋਰਨਾਂ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੀਆਂ ਮੌਤਾਂ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਲੁਧਿਆਣਾ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਜੇਕਰ ਕਿਸਾਨੀ ਸੰਘਰਸ਼ ਦੇ ਮੱਦੇਨਜ਼ਰ ਖੇਤੀ ਕਾਨੂੰਨ ਵਾਪਸ ਨਹੀਂ ਲੈ ਰਹੀ ਤਾਂ ਇਸ ਦਾ ਕਾਰਨ ਸਿਰਫ ਪ੍ਰਧਾਨ ਮੰਤਰੀ ਦੀ ਜ਼ਿੱਦ ਹੈ ਨਾ ਕਿ ਕੋਈ ਸਿਧਾਂਤਕ ਜਾਂ ਵਿਧਾਨਕ ਕਾਰਨ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ਿੱਦ ਨਾ ਛੱਡੀ ਤਾਂ ਹਾਲਾਤ ਹੋਰ ਵੀ ਖਰਾਬ ਹੋ ਸਕਦੇ ਹਨ ਤੇ ਇਸ ਲਈ ਪ੍ਰਧਾਨ ਮੰਤਰੀ ਹੀ ਜ਼ਿੰਮੇਵਾਰ ਹੋਣਗੇ। ਅਕਾਲੀ ਦਲ ਦੇ ਪ੍ਰਧਾਨ ਇਸ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

ਚੰਦੂਮਾਜਰਾ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਲਖੀਮਪੁਰ ਖੀਰੀ ਰਵਾਨਾ

ਮੁਹਾਲੀ (ਦਰਸ਼ਨ ਸਿੰਘ ਸੋਢੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਉੱਚ ਪੱਧਰੀ ਵਫ਼ਦ ਲਖੀਮਪੁਰ ਖੀਰੀ (ਯੂਪੀ) ਲਈ ਰਵਾਨਾ ਹੋਇਆ। ਅਕਾਲੀ ਦਲ ਦਾ ਇਹ ਵਫ਼ਦ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਕਾਰ ਚੜ੍ਹਾ ਦੇਣ ਨਾਲ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲ ਕੇ ਹਮਦਰਦੀ ਦਾ ਪ੍ਰਗਟਾਵਾ ਕਰਨ ਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਵੇਗਾ। ਇਸ ਵਫ਼ਦ ਵਿੱਚ ਮਨਜਿੰਦਰ ਸਿੰਘ ਸਿਰਸਾ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਅਕਾਲੀ ਦਲ ਦੇ ਹੋਰ ਸੀਨੀਅਰ ਆਗੂ ਸ਼ਾਮਲ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗਾ।

ਅਕਾਲੀ ਦਲ ਵੱਲੋਂ ਪੰਜ ਹੋਰ ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਦੇ ਪੰਜ ਹੋਰ ਉਮੀਦਵਾਰਾਂ ਦਾ ਐਲਾਨ ਕਰਦਿਆਂ ਹੀਰਾ ਸਿੰਘ ਗਾਬੜੀਆ ਨੂੰ ਲੁਧਿਆਣਾ ਦੱਖਣੀ, ਵੀਰ ਸਿੰਘ ਲੋਪੋਕੇ ਨੂੰ ਰਾਜਾਸਾਂਸੀ, ਮੋਹਿੰਦਰਪਾਲ ਰਿਣਵਾ ਨੂੰ ਅਬੋਹਰ, ਡਾ. ਨਿਸ਼ਾਨ ਸਿੰਘ ਨੂੰ ਬੁਢਲਾਡਾ ਅਤੇ ਬਲਦੇਵ ਸਿੰਘ ਮਾਣੂੰਕੇ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ।

Source link