ਭਾਰਤ ਭੂਸ਼ਨ ਆਜ਼ਾਦ

ਕੋਟਕਪੂਰਾ, 16 ਅਪਰੈਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਅੱਜ ਆਊਟਸੋਰਸਿੰਗ ਮੀਟਰ ਰੀਡਰ ਯੂਨੀਅਨ ਪੰਜਾਬ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਜਥੇਬੰਦੀ ਦੇ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਮੀਟਰ ਰੀਡਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ।

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਅੱਜ ਜਨਮ ਦਿਨ ਹੋਣ ਕਰਕੇ ਉਹ ਆਪਣੇ ਪਰਿਵਾਰ ਅਤੇ ਪਾਰਟੀ ਵਰਕਰਾਂ ਨਾਲ ਘਰ ਵਿਚ ਇਕੱਤਰ ਹੋਏ ਸਨ। ਅੱਜ ਦੁਪਹਿਰ ਵੇਲੇ ਮੀਟਰ ਰੀਡਰਾਂ ਨੇ ਪਿੰਡ ਸੰਧਵਾਂ ਵਿੱਚ ਪਹੁੰਚ ਕੇ ਆਪਣਾ ਤੰਬੂ ਗੱਡ ਦਿੱਤਾ ਹੈ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਉਨ੍ਹਾਂ ਵੱਲੋਂ ਬਠਿੰਡਾ-ਅੰਮ੍ਰਿਤਸਰ ਮਾਰਗ ’ਤੇ ਧਰਨਾ ਦਿੱਤਾ ਗਿਆ ਸੀ। ਉਦੋਂ ਸ੍ਰੀ ਸੰਧਵਾਂ ਨੂੰ ਉਨ੍ਹਾਂ ਆਪਣੀਆਂ ਸਮੱਸਿਆਵਾਂ ਸੁਣਾਈਆਂ ਸਨ। ਸ੍ਰੀ ਸੰਧਵਾਂ ਨੇ ਉਨ੍ਹਾਂ ਨੂੰ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ ਸੀ। ਪ੍ਰਦਰਨਕਾਰੀਆਂ ਨੇ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਸ੍ਰੀ ਸੰਧਵਾਂ ਨੇ ਭਰੋਸਾ ਦਿੱਤਾ ਸੀ ਕਿ ਪੰਜਾਬ ਵਿੱਚ ‘ਆਪ’ ਸਰਕਾਰ ਆਉਣ ’ਤੇ ਨਿੱਜੀ ਕੰਪਨੀਆਂ ਨੂੰ ਸਰਕਾਰ ਠੇਕੇ ਨਹੀਂ ਦੇਵੇਗੀ ਪਰ ਹੁਣ ਸਰਕਾਰ ਨੇ ਠੇਕੇ ਦੇਣੇ ਸ਼ੁਰੂ ਕਰ ਦਿੱਤੇ ਹਨ।

ਆਗੂ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਧਰਨੇ ਲਾਉਣ ਲਈ ਸਰਕਾਰ ਵੱਲੋਂ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਵਰਕੌਮ ਵਿਚ ਉਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ ਜਾਣ ਅਤੇ ਉਨ੍ਹਾਂ ਦੀਆਂ ਬਕਾਇਆ ਤਨਖਾਹਾਂ ਜਾਰੀ ਕੀਤੀਆਂ ਜਾਣ। ਮੀਟਰ ਰੀਡਰਾਂ ਨੇ ਧਰਨੇ ਵਾਲੀ ਥਾਂ ’ਤੇ ਟੈਂਟ ਲਾ ਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਪੁਲੀਸ ਨੇ ਸ੍ਰੀ ਸੰਧਵਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ।

Source link