ਮੁੱਖ ਅੰਸ਼

  • ਵੱਡੀ ਗਿਣਤੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 23 ਮਈ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਮਗਰੋਂ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਭਾਈ ਗੁਰਚਰਨ ਸਿੰਘ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। 

ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨੂੰ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਗੁਰੂ ਦਾ ਜੀਵਨ ਅਤੇ ਉਨ੍ਹਾਂ ਦੀ ਦੇਣ ਸਿੱਖ ਕੌਮ ਲਈ ਵੱਡੇ ਮਹੱਤਵ ਵਾਲੀ ਹੈ, ਜਿਸ ਤੋਂ ਅਗਵਾਈ ਲੈਣੀ ਹਰ ਸਿੱਖ ਦਾ ਫ਼ਰਜ਼ ਹੈ। ਇਸ ਮੌਕੇ ਅੱਜ ਵੱਡੀ ਗਿਣਤੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਵਿਖੇ ਸਜਾਏ ਗਏ ਜਲੌਅ ਸੰਗਤ ਲਈ ਖਿੱਚ ਦਾ ਕੇਂਦਰ ਬਣੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਗਤ ਨੂੰ ਗੁਰਗੱਦੀ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ।  

ਸਮਾਗਮ ਵਿੱਚ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਧਰਮ ਪ੍ਰਚਾਰ ਕਮੇਟੀ ਦੇ ਭਾਈ ਅਜਾਇਬ ਸਿੰਘ ਅਭਿਆਸੀ, ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਵਧੀਕ ਸਕੱਤਰ ਪ੍ਰਤਾਪ ਸਿੰਘ, ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਮੌਜੂਦ ਸਨ।

ਹਰ ਸਿੱਖ ਲਾਇਸੈਂਸੀ ਹਥਿਆਰ ਰੱਖੇ: ਜਥੇਦਾਰ ਹਰਪ੍ਰੀਤ ਸਿੰਘ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸਿੱਖ ਕੌਮ ਦੇ ਨਾਂ ਵਧਾਈ ਸੰਦੇਸ਼ ਵਿੱਚ ਆਖਿਆ ਕਿ ਅੱਜ ਦੇ ਸਮੇਂ ਵਿੱਚ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦਾ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਵੱਲੋਂ ਦਿੱਤੇ ਗਏ ਇਸ ਸੰਦੇਸ਼ ਨਾਲ ਇੱਕ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਜੰਮੂ ਕਸ਼ਮੀਰ ਵਿੱਚ ਚੱਲ ਰਹੇ ਗੁਰਮਤਿ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਜਥੇਦਾਰ ਨੇ ਅੱਜ ਇਹ ਵੀਡੀਓ ਸੰਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ ਸਿੱਖ ਸੰਗਤ ਨੂੰ ਇਸ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਤਖ਼ਤ ਦੀ ਸਥਾਪਨਾ ਕਰਨ ਮਗਰੋਂ ਹਰ ਸਿੱਖ ਨੂੰ ਸ਼ਸਤਰਧਾਰੀ ਹੋਣ ਦਾ ਸੰਦੇਸ਼ ਦਿੱਤਾ। ਜਥੇਦਾਰ ਨੇ ਕਿਹਾ ਕਿ ਇਹ ਸੰਦੇਸ਼ ਅੱਜ ਵੀ ਕਾਰਗਰ ਹੈ ਤੇ ਨੌਜਵਾਨ ਪੀੜ੍ਹੀ ਨੂੰ ਇਸ ਉਪਦੇਸ਼ ’ਤੇ ਚਲਦਿਆਂ ਸ਼ਸਤਰਧਾਰੀ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਤਲਵਾਰਬਾਜ਼ੀ, ਗਤਕਾ, ਨੇਜ਼ਾਬਾਜ਼ੀ, ਘੋੜਸਵਾਰੀ ਆਦਿ ਕਲਾਵਾਂ ਵਿੱਚ ਸਿੱਖਿਅਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰੇਕ ਸਿੱਖ ਲਾਇਸੈਂਸੀ ਹਥਿਆਰ ਵੀ ਰੱਖਣ ਦਾ ਯਤਨ ਕਰੇ। ਜਥੇਦਾਰ ਦੇ ਇਸ ਬਿਆਨ ਮਗਰੋਂ ਸਾਬਕਾ ਜਥੇਦਾਰ ਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਸਵਾਲ ਕੀਤਾ ਹੈ ਕਿ ਕੀ ਇਸ ਸੰਦੇਸ਼ ਨਾਲ ਸਿੱਖ ਨੌਜਵਾਨ ਆਪਣੀ ਦਿਸ਼ਾ ਤੋਂ ਨਹੀਂ ਭਟਕਣਗੇ? ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਨੇ ਕਿਹਾ ਕਿ ਇਸ ਨਾਲ ਇਹ ਭਾਵਨਾ ਪੈਦਾ ਹੋਵੇਗੀ ਕਿ ਸਿੱਖ ਇਸ ਦੇਸ਼ ਵਿੱਚ ਸੁਰੱਖਿਅਤ ਨਹੀਂ ਹਨ, ਜਦਕਿ ਅਜਿਹਾ ਬਿਲਕੁਲ ਨਹੀਂ ਹੈ। ਡੀਸੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਲਾਇਸੈਂਸੀ ਹਥਿਆਰ ਦੀ ਤਰਜੀਹ ਉਸ ਵਿਅਕਤੀ ਨੂੰ ਦਿੱਤੀ ਜਾਂਦੀ ਹੈ, ਜਿਸ ਦੀ ਜਾਨ ਨੂੰ ਕੋਈ ਖ਼ਤਰਾ ਹੋਵੇ।

Source link