ਆਤਿਸ਼ ਗੁਪਤਾ

ਚੰਡੀਗੜ੍ਹ, 4 ਅਕਤੂਬਰ

InterServer Web Hosting and VPS

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਸਵੇਰੇ ਤੋਂ ਚੰਡੀਗੜ੍ਹ ਦੇ ਸੈਕਟਰ 17 ਵਿੱਚ ਡੀਸੀ ਦਫਤਰ ਅੱਗੇ ਕਿਸਾਨਾਂ, ਵਿਦਿਆਰਥੀਆਂ ਤੇ ਬੁੱਧੀਜੀਵੀਆਂ ਨੇ ਲਖੀਮਪੁਰ ਖੀਰੀ ਹਿੰਸਾ ਖ਼ਿਲਾਫ਼ ਧਰਨਾ ਮਿੱਥੇ ਸਮੇਂ ‘ਤੇ ਬਾਅਦ ਦੁਪਿਹਰ 1 ਵਜੇ ਖਤਮ ਕਰ ਦਿੱਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਦੇ ਨਾਮ ਯੂਟੀ ਦੇ ਏਡੀਸੀ ਨੂੰ ਮੰਗ ਪੱਤਰ ਦਿੱਤਾ, ਜਿਸ ਵਿੱਚ ਲਖੀਮਪੁਰ ਖੀਰੀ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਿਸਾਨਾਂ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ‘ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ।

ਕੁਲਦੀਪ ਸਿੰਘ ਦੀ ਰਿਪੋਰਟ ਮੁਤਾਬਕ ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਸਵੇਰੇ ਚੰਡੀਗੜ੍ਹ ਦੇ ਸੈਕਟਰ 17 ਵਿੱਚ ਡੀਸੀ ਦਫਤਰ ਅੱਗੇ ਧਰਨਾ ਦੇਣ ਤੋਂ ਚੰਡੀਗੜ੍ਹ ਪੁਲੀਸ ਵੱਲੋਂ ਰੋਕਿਆ ਗਿਆ।

ਪੁਲੀਸ ਨੇ ਧਰਨਾਕਾਰੀਆਂ ਨੂੰ ਗ੍ਰਿਫਤਾਰ ਕਰ ਕੇ ਬੱਸ ਵਿੱਚ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਤਾਂ ਧਰਨਾਕਾਰੀ ਬੱਸ ਦੇ ਅੱਗੇ ਸੜਕ ਉੱਤੇ ਬੈਠ ਕੇ ਨਾਅਰੇਬਾਜ਼ੀ ਕਰਨ ਲੱਗੇ। ਡਾ. ਸੁਖਦੇਵ ਸਿੰਘ ਸਿਰਸਾ, ਡਾ. ਪਿਆਰੇ ਲਾਲ ਗਰਗ, ਪ੍ਰੋ. ਮਨਜੀਤ ਸਿੰਘ, ਵਿਦਿਆਰਥੀ ਜਥੇਬੰਦੀਆਂ ਵਿੱਚ ਪੀਐੱਸਯੂ ਲਲਕਾਰ ਤੋਂ ਅਮਨ, ਐੱਸਐੱਫਐਸ ਤੋਂ ਸੰਦੀਪ, ਬਾਬਾ ਗੁਰਦਿਆਲ ਸਿੰਘ ਨੇ ਮੋਦੀ ਸਰਕਾਰ ਖਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ-ਆਰਐੱਸਐੱਸ ਦੀ ਸਖਤ ਨਿੰਦਾ ਕੀਤੀ।

ਲੰਬੇ ਸੰਘਰਸ਼ ਬਾਅਦ ਹੁਣ ਸੈਕਟਰ 17 ਵਿੱਚ ਧਰਨਾ ਸ਼ੁਰੂ ਹੋ ਗਿਆ ਹੈ।

Source link