ਆਤਿਸ਼ ਗੁਪਤਾ

ਚੰਡੀਗੜ੍ਹ, 13 ਦਸੰਬਰ

ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚੋਂ ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਕੁਲਦੀਪ ਸਿੰਘ ਚਹਿਲ ਨੂੰ ਐੱਸਐੱਸਪੀ ਦੇ ਅਹੁਦੇ ਤੋਂ ਹਟਾ ਕੇ ਹਰਿਆਣਾ ਕਾਡਰ ਦੇ ਅਧਿਕਾਰੀ ਨੂੰ ਨਿਯੁਕਤ ਕਰਨ ਦਾ ਮੁੱਦਾ ਭਖਦਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਚੰਡੀਗੜ੍ਹ ਦੇ ਐੱਸਐੱਸਪੀ ਦੇ ਅਹੁਦੇ ’ਤੇ ਪੰਜਾਬ ਕਾਡਰ ਦੇ ਆਈਪੀਐੱਸ ਅਫਸਰ ਦੀ ਥਾਂ ਹਰਿਆਣਾ ਕਾਡਰ ਦੇ ਅਫ਼ਸਰ ਨੂੰ ਨਿਯੁਕਤ ਕੀਤੇ ਜਾਣ ’ਤੇ ਇਤਰਾਜ਼ ਜਤਾਇਆ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਰੋਸ ਜ਼ਾਹਿਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਰਾਜਧਾਨੀ ’ਤੇ ਪੰਜਾਬ ਦੇ ਅਧਿਕਾਰਾਂ ਦੇ ਮਸਲਾ ਵੀ ਚੁੱਕਿਆ ਹੈ। ਗੌਰਤਲਬ ਹੈ ਕਿ ਲੰਘੀ ਰਾਤ ਯੂਟੀ ਪ੍ਰਸ਼ਾਸਨ ਨੇ ਐੱਸਐੱਸਪੀ ਕੁਲਦੀਪ ਸਿੰਘ ਚਹਿਲ ਨੂੰ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ ਹੀ ਫਾਰਗ ਕਰ ਦਿੱਤਾ ਸੀ।

ਮੁੱਖ ਮੰਤਰੀ ਨੇ ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖੇ ਪੱਤਰ ’ਚ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਐੱਸਐੱਸਪੀ ਦੇ ਅਹੁਦੇ ’ਤੇ ਰਵਾਇਤੀ ਤੌਰ ’ਤੇ ਪੰਜਾਬ ਕਾਡਰ ਦਾ ਆਈਪੀਐੱਸ ਅਧਿਕਾਰੀ ਤਾਇਨਾਤ ਹੁੰਦਾ ਹੈ ਪਰ ਯੂਟੀ ਪ੍ਰਸ਼ਾਸਨ ਨੇ ਪੰਜਾਬ ਕਾਡਰ ਦੇ ਸਾਲ 2009 ਦੇ ਆਈਪੀਐੱਸ ਅਧਿਕਾਰੀ ਕੁਲਦੀਪ ਸਿੰਘ ਚਹਿਲ ਨੂੰ ਸਮੇਂ ਤੋਂ ਪਹਿਲਾਂ ਪੰਜਾਬ ਵਾਪਸ ਭੇਜ ਦਿੱਤਾ ਹੈ। ਉਸ ਦੀ ਥਾਂ ਹਰਿਆਣਾ ਕਾਡਰ ਦਾ ਆਈਪੀਐੱਸ ਅਧਿਕਾਰੀ ਨਿਯੁਕਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਯੂਟੀ ਪ੍ਰਸ਼ਾਸਨ ਦੇ ਇਸ ਕਦਮ ਨੂੰ ਗੈਰਵਾਜਬ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਐੱਸਐੱਸਪੀ ਕੁਲਦੀਪ ਸਿੰਘ ਚਾਹਿਲ ਨੂੰ ਵਾਪਸ ਭੇਜਣਾ ਸੀ ਤਾਂ ਪਹਿਲਾਂ ਪੰਜਾਬ ਤੋਂ ਆਈਪੀਐੱਸ ਅਧਿਕਾਰੀਆਂ ਦਾ ਪੈਨਲ ਮੰਗ ਲੈਣਾ ਚਾਹੀਦਾ ਸੀ। ਜ਼ਿਕਰਯੋਗ ਹੈ ਕਿ ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ, ਅਤੇ ਯੂਟੀ ਪ੍ਰਸ਼ਾਸਨ ਦੇ ਮੁਲਾਜ਼ਮਾਂ ਵਿੱਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਵਿੱਚ 60-40 ਦੇ ਅਨੁਪਾਤ ਨੂੰ ਬਰਾਬਰ ਰੱਖਣ ਦਾ ਮਾਮਲਾ ਉੱਠਦਾ ਰਿਹਾ ਹੈ।

ਪੰਜਾਬ ਸਰਕਾਰ ਜਲਦ ਭੇਜੇਗੀ ਆਈਪੀਐੱਸ ਅਧਿਕਾਰੀਆਂ ਦਾ ਪੈਨਲ

ਚੰਡੀਗੜ੍ਹ ਦੇ ਐੱਸਐੱਸਪੀ ਨੂੰ ਫਾਰਗ ਕਰਨ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਤੋਂ ਤਿੰਨ ਆਈਪੀਐੱਸ ਅਧਿਕਾਰੀਆਂ ਦਾ ਪੈਨਲ ਮੰਗ ਲਿਆ ਹੈ। ਉੱਧਰ ਮੁੱਖ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਚੰਡੀਗੜ੍ਹ ਦੇ ਐੱਸਐੱਸਪੀ ਦੇ ਅਹੁਦੇ ਲਈ ਪੰਜਾਬ ਕਾਡਰ ਦੇ ਤਿੰਨ ਅਧਿਕਾਰੀਆਂ ਦਾ ਪੈਨਲ ਭੇਜੇਗੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਕਾਡਰ ਦਾ ਆਈਪੀਐੱਸ ਅਧਿਕਾਰੀ ਛੇਤੀ ਹੀ ਚੰਡੀਗੜ੍ਹ ਦੇ ਐੱਸਐਸਪੀ ਦੇ ਅਹੁਦੇ ’ਤੇ ਨਿਯੁਕਤ ਹੋਵੇਗਾ।

Source link