ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 21 ਅਪਰੈਲ

ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਅਤੇ 401ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੱਖ ਬੁਲਾਰਿਆਂ ਨੇ ਹੁਣ ਤੱਕ ਆਈਆਂ ਕੇਂਦਰ ਸਰਕਾਰਾਂ ਨਾਲ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਸਿੱਖ ਮਾਮਲਿਆਂ ਨੂੰ ਜਾਣਬੁੱਝ ਕੇ ਲਟਕਾਇਆ ਜਾਂਦਾ ਰਿਹਾ ਹੈ। ਜੇਕਰ ਮੌਜੂਦਾ ਕੇਂਦਰ ਸਰਕਾਰ ਸਿੱਖਾਂ ਪ੍ਰਤੀ ਸੁਹਿਰਦ ਹੈ ਤੇ ਸਿੱਖਾਂ ਨਾਲ ਸਹਿਚਾਰ ਚਾਹੁੰਦੀ ਹੈ ਤਾਂ ਸਿੱਖਾਂ ਨਾਲ ਹੋਏ ਤੇ ਹੋ ਰਹੇ ਧੱਕੇ ਤੇ ਵਧੀਕੀਆਂ ਨੂੰ ਖਤਮ ਕੀਤਾ ਜਾਵੇ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਨੇ ਸੰਬੋਧਨ ਕੀਤਾ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਬਾਣੀ ’ਤੇ ਹੋ ਰਹੇ ਹਮਲਿਆਂ ਖ਼ਿਲਾਫ਼ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਵੱਲੋਂ ਗੁਰਬਾਣੀ ਨੂੰ ਤੋੜ ਮਰੋੜ ਕੇ ਪ੍ਰਕਾਸ਼ਿਤ ਕਰਨ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ’ਤੇ 3 ਮਈ ਨੂੰ ਪੰਥਕ ਇਕੱਠ ਬੁਲਾਇਆ ਗਿਆ ਹੈ। ਇਸ ਦੌਰਾਨ ਸ੍ਰੀ ਧਾਮੀ ਨੇ ਭਾਰਤ ਸਰਕਾਰ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਅਪੀਲ ਕੀਤੀ ਕਿ ਉਹ ਸਿੱਖ ਮਸਲਿਆਂ ਨੂੰ ਤੁਰੰਤ ਹੱਲ ਕਰੇ। ਉਨ੍ਹਾਂ ਕਿਹਾ ਕਿ ਅੱਜ ਇਸ ਮੌਕੇ ਸਿੱਖ ਬੰਦੀਆਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਸੀ।

ਸੰਗਤ ਨੂੰ ਗੁਰੂ ਸਾਹਿਬਾਨਾਂ ਦੇ ਸ਼ਸ਼ਤਰਾਂ ਦੇ ਦਰਸ਼ਨ ਕਰਵਾਏ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸੇ ਦੌਰਾਨ ਵਿਸ਼ੇਸ਼ ਬੱਸ ਵਿਚ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਸ਼ਤਰਾਂ ਬਸਤਰਾਂ ਦੇ ਸੰਗਤ ਨੇ ਦਰਸ਼ਨ ਕੀਤੇ ਗਏ ਅਤੇ ਚਿੱਤਰ ਪ੍ਰਦਰਸ਼ਨੀ ਰਾਹੀਂ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ ਗਈ। ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਕੇਂਦਰ ਸਰਕਾਰ ਦਾ ਨਾਂ ਲਏ ਬਿਨਾਂ ਆਖਿਆ ਕਿ ਕੁਝ ਸੰਸਥਾਵਾਂ ਵਲੋਂ ਇਸ ਸਬੰਧੀ ਸਮਾਗਮ ਨੂੰ ਅੱਜ ਦੀ ਥਾਂ ਅਗਾਂਹ ਕੀਤਾ ਜਾਣਾ ਚਾਹੀਦਾ ਸੀ ਤਾਂ ਕਿ ਸਮਾਗਮਾਂ ਵਿਚ ਹਰ ਕੋਈ ਸ਼ਾਮਲ ਹੋ ਸਕਦਾ।

Source link