ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 21 ਸਤੰਬਰ

InterServer Web Hosting and VPS

ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਜੇ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪਾਕਿਸਤਾਨੀ ਫ਼ੌਜ ਦੇ ਜਨਰਲ ਬਾਜਵਾ ਨਾਲ ਇੰਨੀ ਗੂੜ੍ਹੀ ਦੋਸਤੀ ਹੈ ਤਾਂ ਸਿੱਧੂ ਪਾਕਿਸਤਾਨ ਤੋਂ ਪੰਜਾਬ ਵਿੱਚ ਡਰੋਨਾਂ ਰਾਹੀਂ ਆਉਣ ਵਾਲੇ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਵਿਸਫੋਟਕਾਂ ’ਤੇ ਪਾਬੰਦੀ ਲਗਾਉਣ ਲਈ ਉਨ੍ਹਾਂ ਨਾਲ ਗੱਲ ਕਿਉਂ ਨਹੀਂ ਕਰਦੇ। ਇੱਕ ਬਿਆਨ ਰਾਹੀਂ ਸ਼ਰਮਾ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਸਿਹਰਾ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਰੀਸ਼ ਰਾਵਤ ਕਹਿ ਰਹੇ ਹਨ ਕਿ ਵਿਧਾਨ ਸਭਾ ਚੋਣਾਂ ਨਵਜੋਤ ਸਿੱਧੂ ਦੇ ਚਿਹਰੇ ’ਤੇ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੱਧੂ ਅਸਫ਼ਲ ਨੇਤਾ ਹਨ, ਕਿਉਂਕਿ ਜਿਹੜਾ ਨੇਤਾ ਸਰਕਾਰ ਵਿੱਚ ਕੈਬਨਿਟ ਮੰਤਰੀ ਹੁੰਦਿਆਂ ਆਪਣਾ ਵਿਭਾਗ ਨਹੀਂ ਸੰਭਾਲ ਸਕਿਆ, ਉਹ ਪੰਜਾਬ ਜਾਂ ਪੰਜਾਬ ਦੇ ਲੋਕਾਂ ਨੂੰ ਕੀ ਸੰਭਾਲੇਗਾ ਅਤੇ ਉਹ ਲੋਕਾਂ ਲਈ ਕੀ ਕਰੇਗਾ? ਸਿੱਧੂ ਨੂੰ ਸਿਰਫ਼ ਮੁੱਖ ਮੰਤਰੀ ਬਣਨ ਦੀ ਲਾਲਸਾ ਅਤੇ ਚਿੰਤਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਵਜੋਂ ਨਿਯੁਕਤੀ ਕਾਂਗਰਸ ਹਾਈਕਮਾਨ ਦੀ ਸਾਜ਼ਿਸ਼ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦਾ ਖ਼ਜਾਨਾ ਖਾਲੀ ਹੈ। ਸੂਬੇ ਸਿਰ ਲੱਖਾਂ ਕਰੋੜ ਦਾ ਕਰਜ਼ਾ ਹੈ ਅਤੇ ਕਾਂਗਰਸ ਦਾ ਸੱਭਿਆਚਾਰ ਦੇਸ਼ ਅਤੇ ਸੂਬੇ ਨੂੰ ਬਰਬਾਦ ਕਰਨਾ ਹੈ।

Source link