ਪਾਲ ਸਿੰਘ ਨੌਲੀ

ਜਲੰਧਰ, 14 ਮਈ

ਕਾਂਗਰਸ ਦੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਬਲਜਿੰਦਰ ਸਿੰਘ ਪਰਵਾਨਾ ਦੀ ਪਤਨੀ, ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਦੇ ਆਗੂ ਸੁਖਦੇਵ ਸਿੰਘ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅੱਜ ਇਕਸੁਰ ਹੁੰਦਿਆਂ ਕਿਹਾ ਕਿ ਪੰਜਾਬ ਵਿੱਚ ਖਾਲਿਸਤਾਨ ਦਾ ਹਊਆ ਖੜ੍ਹਾ ਕਰ ਕੇ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਦਹਿਸ਼ਤ ਵਾਲਾ ਮਾਹੌਲ ਸਿਰਜਿਆ ਜਾ ਰਿਹਾ ਹੈ।

ਅੱਜ ਇੱਥੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲੀਸ ਦੀ ਬਦਨੀਤੀ ਇਸ ਘਟਨਾ ਤੋਂ ਸਾਹਮਣੇ ਆ ਜਾਂਦੀ ਹੈ ਕਿ ਅੱਠ ਮਹੀਨੇ ਪਹਿਲਾਂ ਭੁਲੱਥ ਹਲਕੇ ਦੇ ਪਿੰਡ ਨਿਜ਼ਾਮਪੁਰ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੌਰਾਨ ਹੋਏ ਕਤਲ ਦੇ ਮਾਮਲੇ ਵਿੱਚ ਹੁਣ ਬਲਜਿੰਦਰ ਸਿੰਘ ਪਰਵਾਨਾ ਨੂੰ ਨਾਮਜ਼ਦ ਕੀਤਾ ਗਿਆ ਹੈ। ਖਹਿਰਾ ਨੇ ਕਿਹਾ ਕਿ ‘ਆਪ’ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਨੌਜਵਾਨਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਚੁੱਕਣ ਅਤੇ ਸੂਬੇ ਵਿੱਚ ਦਹਿਸ਼ਤ ਵਾਲਾ ਮਾਹੌਲ ਸਿਰਜਣ ’ਚ ਲੱਗੀ ਹੋਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਇਸ ਮੁੱਦੇ ’ਤੇ ਵ੍ਹਾਈਟ ਪੇਪਰ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਛੇਤੀ ਹੀ ਪੰਜਾਬ ਦੇ ਡੀਜੀਪੀ ਨੂੰ ਮਿਲਣਗੇ ਤੇ ਜੇ ਇਨਸਾਫ਼ ਨਾ ਮਿਲਿਆ ਤਾਂ ਪਹਿਲਾਂ ਕਪੂਰਥਲਾ ਦੇ ਐੱਸਐੱਸਪੀ ਦਫ਼ਤਰ ਅੱਗੇ ਤੇ ਮਗਰੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਬਲਜਿੰਦਰ ਸਿੰਘ ਪਰਵਾਨਾ ਦੀ ਪਤਨੀ ਨੇ ਵੀ ਐੱਸਐੱਸਪੀ ਕਪੂਰਥਲਾ ਕੋਲ ਸ਼ਿਕਾਇਤ ਕਰ ਕੇ ਇਸ ਮਾਮਲੇ ਦੀ ਜਾਂਚ ਮੰਗੀ ਹੈ।

‘ਜਾਖੜ ਦਾ ਪਾਰਟੀ ਛੱਡਣਾ ਮੰਦਭਾਗਾ’

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਛੱਡਣ ਦੇ ਕੀਤੇ ਐਲਾਨ ’ਤੇ ਟਿੱਪਣੀ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੁਨੀਲ ਜਾਖੜ ਇੱਕ ਇਮਾਨਦਾਰ ਤੇ ਬੇਦਾਗ਼ ਆਗੂ ਹਨ ਤੇ ਉਨ੍ਹਾਂ ਦਾ ਪਾਰਟੀ ਵਿੱਚ ਅਹਿਮ ਰੋਲ ਰਿਹਾ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਯਤਨ ਕਰਨਾ ਚਾਹੀਦਾ ਹੈ ਕਿ ਜਾਖੜ ਵਰਗੇ ਆਗੂ ਨੂੰ ਪਾਰਟੀ ਵਿੱਚ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਵੱਲੋਂ ਪਾਰਟੀ ਛੱਡਣੀ ਮੰਦਭਾਗੀ ਗੱਲ ਹੈ।

Source link