ਚੰਡੀਗੜ੍ਹ (ਟਨਸ): ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਸੰਸਦ ਵਿੱਚ ਪੇਸ਼ ਕੀਤੇ ਬਜਟ ਨੂੰ ਦਿਸ਼ਾਹੀਣ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ ਲਈ ਕੁਝ ਨਹੀਂ ਹੈ ਅਤੇ ਨਾ ਹੀ ਐੱਮਐੱਸਪੀ ਲਈ ਕੋਈ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਕਿਸਾਨ ਭਾਈਚਾਰਾ ਪੂਰੀ ਤਰ੍ਹਾਂ ਠੱਗਿਆ ਮਹਿਸੂਸ ਕਰ ਰਿਹਾ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਬਜਟ ਵਿੱਚ ਮਹਾਤਮਾ ਗਾਂਧੀ ਕੌਮੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ ਲਈ ਅਲਾਟਮੈਂਟ ਨੂੰ ਵੀ ਬਜਟ ਅੰਦਾਜ਼ੇ ਤੋਂ ਘਟਾ ਦਿੱਤਾ ਗਿਆ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਅਸਲ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਲਈ ਵਿਸ਼ੇਸ਼ ਆਰਥਿਕ ਪੈਕੇਜ ਲੈਣ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਉਣ ’ਚ ਅਸਫ਼ਲ ਰਹੀ ਹੈ, ਜੋ ਪਹਿਲਾਂ ਹੀ ਕਰਜ਼ੇ ਹੇਠ ਦੱਬਿਆ ਹੋਇਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਪੁਲੀਸ ਦੇ ਆਧੁਨਿਕੀਕਰਨ ਲਈ ਕੋਈ ਸਮਰਥਨ ਨਹੀਂ ਹੈ ਤੇ ਨਾ ਹੀ ਭਾਰਤ ਸਰਕਾਰ ਵੱਲੋਂ ਪੇਂਡੂ ਵਿਕਾਸ ਫ਼ੰਡ ਜਾਰੀ ਕਰਨ ਬਾਰੇ ਕੋਈ ਬਿਆਨ ਹੈ।