ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 18 ਅਪਰੈਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਦਖ਼ਲ ਦੇ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਸਣੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਠ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣ ਦੀ ਜ਼ਰੂਰਤ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 25 ਮਾਰਚ 2012 ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੰਵਿਧਾਨ ਦੀ ਧਾਰਾ 72 ਤਹਿਤ ਜੋ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ, ਉਹ ਹਾਲੇ ਵੀ ਰਾਸ਼ਟਰਪਤੀ ਕੋਲ ਪੈਂਡਿੰਗ ਪਈ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰ ਕੇ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਦੀ ਪਟੀਸ਼ਨ ’ਤੇ 30 ਅਪਰੈਲ ਤੱਕ ਫ਼ੈਸਲਾ ਲੈਣ ਨੂੰ ਕਿਹਾ ਹੈ।

ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿੱਖ ਪ੍ਰਧਾਨ ਮੰਤਰੀ ਵੱਲ ਦੇਖ ਰਹੇ ਹਨ ਕਿ ਉਹ ਸਿੱਖ ਕੌਮ ਨਾਲ ਕੀਤਾ ਵਾਅਦਾ ਕਦੋਂ ਨਿਭਾਉਂਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਦੀ ਮੰਗ ਕੀਤੀ।

Source link