ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਪੰਜਾਬ ਨੂੰ ਪ੍ਰਸ਼ਾਸਕੀ ਨਿਘਾਰ ਤੋਂ ਬਚਾਉਣ ਲਈ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਸਮੁੱਚੇ ਪ੍ਰਸ਼ਾਸਕੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਮਾਈਨਿੰਗ ਖ਼ਿਲਾਫ਼ ਜਾਣ-ਬੁੱਝ ਕੇ ਲਾਪ੍ਰਵਾਹੀ ਵਾਲਾ ਰਵੱਈਆ ਅਖਤਿਆਰ ਕਰਨ ਦੇ ਮਾਮਲੇ ’ਚ ਰਾਜਪਾਲ ਨੇ ਸਮੇਂ ਸਿਰ ਸਹੀ ਅਤੇ ਪ੍ਰਭਾਵਸ਼ਾਲੀ ਦਖਲ ਦਿੱਤਾ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਭਾਜਪਾ ਆਗੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਅਫ਼ਸਰਾਂ ਪ੍ਰਤੀ ਨਾਸਮਝੀ ਵਾਲਾ ਰਵੱਈਆ ਅਖਤਿਆਰ ਕਰਕੇ ਲੋਕਤੰਤਰ ਦੇ ਇਨ੍ਹਾਂ ਥੰਮਾਂ ਨੂੰ ਕਮਜ਼ੋਰ ਕਰਨ ਵਿੱਚ ਸੰਕੋਚ ਨਹੀਂ ਕੀਤਾ, ਜੋ ਕਿ ਮੰਦਭਾਗੀ ਘਟਨਾ ਹੈ। ਉਨ੍ਹਾਂ ਰਾਜਪਾਲ ਨੂੰ ਸੂਬਾ ਸਰਕਾਰ ਵੱਲੋਂ ਅਧਿਕਾਰੀਆਂ ਪ੍ਰਤੀ ਅਪਣਾਏ ਅੜੀਅਲ ਰਵੱਈੲੇ ਦੇ ਮਾਮਲੇ ’ਚ ਦਖ਼ਲ ਦੇਣ ਦੀ ਅਪੀਲ ਕੀਤੀ। ਟ੍ਰਿਬਿਊਨ ਨਿਊਜ਼ ਸਰਵਿਸ

Source link