ਚਰਨਜੀਤ ਭੁੱਲਰ
ਚੰਡੀਗੜ੍ਹ, 1 ਫਰਵਰੀ

ਪੰਜਾਬ ਸਰਕਾਰ ਵੱਲੋਂ ‘ਆਟਾ ਦਾਲ ਸਕੀਮ’ ਦੀ ਕਰਵਾਈ ਪੜਤਾਲ ’ਚ ਵੱਡੀ ਗੜਬੜ ਸਾਹਮਣੇ ਆਈ ਹੈ, ਜਿਸ ਦੇ ਤੱਥ ਹੈਰਾਨੀ ਭਰੇ ਹਨ। ਪੜਤਾਲ ’ਚ ਪਤਾ ਲੱਗਾ ਹੈ ਕਿ ਪੰਜਾਬ ਵਿੱਚ ਹਜ਼ਾਰਾਂ ਮ੍ਰਿਤਕ ਵਿਅਕਤੀ ਆਟਾ ਦਾਲ ਸਕੀਮ ਤਹਿਤ ਰਾਸ਼ਨ ਲੈ ਰਹੇ ਹਨ। ਇਸੇ ਤਰ੍ਹਾਂ ਰਸੂਖਵਾਨ ਲੋਕ ਵੀ ਆਟਾ ਦਾਲ ਸਕੀਮ ਦੇ ਲਾਭਪਾਤਰੀ ਬਣੇ ਹੋਏ ਹਨ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਦਾ ਬਿਓਰਾ ਆਧਾਰ ਕਾਰਡਾਂ ਨਾਲ ਲਿੰਕ ਕਰਨ ’ਤੇ ਇਹ ਤੱਥ ਸਾਹਮਣੇ ਆਏ ਹਨ।

ਵੇਰਵਿਆਂ ਅਨੁਸਾਰ ਪੰਜਾਬ ’ਚ ਕਰੀਬ 10.56 ਲੱਖ ਅਜਿਹੇ ਰਸੂਖਵਾਨਾਂ ਦੀ ਸ਼ਨਾਖ਼ਤ ਹੋਈ ਹੈ, ਜਿਨ੍ਹਾਂ ਨੂੰ ਆਟਾ-ਦਾਲ ਸਕੀਮ ਦਾ ਰਾਸ਼ਨ ਮਿਲ ਰਿਹਾ ਹੈ। ਪੰਜਾਬ ਮੰਡੀ ਬੋਰਡ ਨੇ 12.50 ਲੱਖ ਲੋਕਾਂ ਦਾ ਅੰਕੜਾ ਸਰਕਾਰ ਨੂੰ ਦਿੱਤਾ ਸੀ, ਜਿਨ੍ਹਾਂ ਵੱਲੋਂ ਸਾਲਾਨਾ 60 ਹਜ਼ਾਰ ਤੋਂ ਵੱਧ ਮੁੱਲ ਦੀ ਫ਼ਸਲ ਵੇਚੀ ਗਈ ਸੀ। ਇਨ੍ਹਾਂ ’ਚੋਂ ਕਰੀਬ 7 ਸੱਤ ਲੱਖ ਲੋਕ ਅਜਿਹੇ ਮਿਲੇ ਹਨ, ਜਿਨ੍ਹਾਂ ਦੀ ਸਾਲਾਨਾ ਆਮਦਨ 2 ਲੱਖ ਰੁਪਏ ਤੋਂ ਜ਼ਿਆਦਾ ਸੀ, ਪਰ ਇਸ ਸਕੀਮ ਦੇ ਲਾਭਪਾਤਰੀ ਬਣਨ ਲਈ ਉਨ੍ਹਾਂ ਆਮਦਨ ਹੱਦ ਸਾਲਾਨਾ 60 ਹਜ਼ਾਰ ਰੁਪਏ ਮਿਥੀ ਹੋਈ ਹੈ। ਪੰਜਾਬ ਮੰਡੀ ਬੋਰਡ ਵੱਲੋਂ ਵੱਧ ਆਮਦਨੀ ਵਾਲੇ ਮੁਹੱਈਆ ਕਰਾਏ ਆਧਾਰ ਕਾਰਡਾਂ ਦਾ ਮਿਲਾਣ ਜਦੋਂ ਆਟਾ ਦਾਲ ਸਕੀਮ ਦੇ ਰਾਸ਼ਨ ਕਾਰਡਾਂ ਨਾਲ ਕੀਤਾ ਗਿਆ ਤਾਂ 81,646 ਅਜਿਹੇ ਰਾਸ਼ਨ ਕਾਰਡ ਸਾਹਮਣੇ ਆਏ ਹਨ, ਜਿਨ੍ਹਾਂ ਦੇ ਲਾਭਪਾਤਰੀਆਂ ਵੱਲੋਂ ਸਾਲਾਨਾ 5 ਲੱਖ ਰੁਪਏ ਤੋਂ ਜ਼ਿਆਦਾ ਦੀ ਫ਼ਸਲ ਵੇਚੀ ਸੀ। ਇਨ੍ਹਾਂ ਰਾਸ਼ਨ ਕਾਰਡਾਂ ’ਤੇ 3.47 ਲੱਖ ਲਾਭਪਾਤਰੀ ਅਨਾਜ ਲੈ ਰਹੇ ਸਨ। ਇਸੇ ਤਰ੍ਹਾਂ ਦੋ ਤੋਂ ਪੰਜ ਲੱਖ ਰੁਪਏ ਦੀ ਫ਼ਸਲ ਵੇਚਣ ਵਾਲਿਆਂ ’ਚ 86,946 ਅਜਿਹੇ ਰਾਸ਼ਨ ਕਾਰਡ ਧਾਰਕ ਹਨ, ਜੋ ਸਕੀਮ ਤਹਿਤ ਅਨਾਜ ਲੈ ਰਹੇ ਹਨ। ਇਨ੍ਹਾਂ ਰਸੂਖਵਾਨ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਮੁਫ਼ਤ ਅਨਾਜ ਵੀ ਮਿਲ ਰਿਹਾ ਹੈ।

ਇਸੇ ਤਰ੍ਹਾਂ ਪਾਵਰਕੌਮ ਵੱਲੋਂ ਸਰਕਾਰ ਨੂੰ 14.56 ਲੱਖ ਲਾਭਪਾਤਰੀਆਂ ਦਾ ਡਾਟਾ ਦਿੱਤਾ ਗਿਆ, ਜਿਨ੍ਹਾਂ ਦਾ ਬਿਜਲੀ ਬਿੱਲ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਤੋਂ ਜ਼ਿਆਦਾ ਆ ਰਿਹਾ ਸੀ। ਇਨ੍ਹਾਂ ਵਿੱਚੋਂ 22,478 ਲਾਭਪਾਤਰੀਆਂ ਦੇ ਘਰਾਂ ਵਿੱਚ ਤਾਂ ਕਮਰਸ਼ੀਅਲ ਕੁਨੈਕਸ਼ਨ ਲੱਗੇ ਹੋਏ ਹਨ ਤੇ 4400 ਰਾਸ਼ਨ ਕਾਰਡ ਹੋਲਡਰਾਂ ਦਾ ਪ੍ਰਤੀ ਮਹੀਨਾ ਬਿਜਲੀ ਬਿੱਲ ਦੋ ਹਜ਼ਾਰ ਰੁਪਏ ਤੋਂ ਵੱਧ ਦਰਜ ਕੀਤਾ ਗਿਆ ਹੈ। ਪਾਵਰਕੌਮ ਵੱਲੋਂ ਬਿਜਲੀ ਖਪਤ ਦੇ ਦਿੱਤੇ ਅੰਕੜਿਆਂ ਦੇ ਆਧਾਰ ’ਤੇ 70,162 ਰਾਸ਼ਨ ਕਾਰਡਾਂ ਨੂੰ ਅਯੋਗ ਐਲਾਨਿਆ ਜਾ ਸਕਦਾ ਹੈ। ਦੂਜੇ ਪਾਸੇ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਵੱਲੋਂ 89,967 ਲਾਭਪਾਤਰੀਆਂ ਦਾ ਵੇਰਵਾ ਤੇ ਆਧਾਰ ਕਾਰਡ ਮੁਹੱਈਆ ਕਰਾਏ ਗਏ ਸਨ, ਜਿਸ ਮਗਰੋਂ ਪਤਾ ਲੱਗਿਆ ਕਿ ਇਸ ਸਕੀਮ ਤਹਿਤ ਰਾਸ਼ਨ ਲੈ ਰਹੇ 45,844 ਲਾਭਪਾਤਰੀਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਸ਼ਹਿਰੀ ਖੇਤਰਾਂ ਵਿੱਚ ਅਜਿਹੇ 16,789 ਵਿਅਕਤੀਆਂ ਦੀ ਸ਼ਨਾਖ਼ਤ ਹੋਈ ਹੈ, ਜੋ ਪ੍ਰਾਪਰਟੀ ਟੈਕਸ ਵੀ ਭਰ ਰਹੇ ਹਨ ਅਤੇ ਆਟਾ-ਦਾਲ ਸਕੀਮ ਤਹਿਤ ਰਾਸ਼ਨ ਵੀ ਲੈ ਰਹੇ ਹਨ। ਅੰਕੜਿਆਂ ਅਨੁਸਾਰ ਜਲੰਧਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 4,908 ਮ੍ਰਿਤਕ ਲਾਭਪਾਤਰੀ ਰਾਸ਼ਨ ਲੈ ਰਹੇ ਹਨ, ਜਦਕਿ ਲੁਧਿਆਣਾ ਜ਼ਿਲ੍ਹੇ ’ਚ ਇਹ ਗਿਣਤੀ 4897 ਹੈ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਕੁੱਝ ਸਮਾਂ ਪਹਿਲਾਂ ਪੰਜਾਬ ਨੂੰ ਤਿੰਨ ਮਹੀਨੇ ਦਾ ਅਨਾਜ ਦਾ ਕੋਟਾ ਭੇਜਿਆ ਸੀ ਤੇ ਉਸ ਵਿੱਚ ਲਗਪਗ 11 ਫ਼ੀਸਦ ਦਾ ਕੱਟ ਲਾਇਆ ਗਿਆ ਸੀ ਕਿਉਂਕਿ ਪੰਜਾਬ ਵਿੱਚ ਲਾਭਪਾਤਰੀਆਂ ਦੀ ਗਿਣਤੀ ਕੇਂਦਰ ਵੱਲੋਂ ਨਿਸ਼ਚਿਤ ਕੀਤੇ ਕੋਟੇ ਤੋਂ ਕਿਤੇ ਜ਼ਿਆਦਾ ਹੈ। ਪੰਜਾਬ ਵਿੱਚ ਇਸ ਵੇਲੇ ਕੁੱਲ 1.57 ਕਰੋੜ ਲਾਭਪਾਤਰੀਆਂ ਨੂੰ ਅਨਾਜ ਦਿੱਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਵੱਲੋਂ ਪੜਤਾਲ ਲਈ ਇਹ ਨਵਾਂ ਪੈਂਤੜਾ ਅਪਣਾਇਆ ਗਿਆ ਸੀ ਤਾਂ ਜੋ ਇਸ ਸਕੀਮ ਦਾ ਗ਼ਲਤ ਫਾਇਦਾ ਉਠਾਉਣ ਵਾਲਿਆਂ ਨੂੰ ਬੇਪਰਦ ਕੀਤਾ ਜਾ ਸਕੇ। ਉਂਜ ਡਿਪਟੀ ਕਮਿਸ਼ਨਰਾਂ ਵੱਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਵੱਖਰੇ ਤੌਰ ’ਤੇ ਵੀ ਕੀਤੀ ਜਾ ਰਹੀ ਹੈ।

ਅੱਠ ਫ਼ੀਸਦੀ ਕਾਰਡ ਨਿਕਲੇ ਅਯੋਗ

ਸੂਬਾ ਸਰਕਾਰ ਵੱਲੋਂ ਵਿੱਢੀ ਪੜਤਾਲ ਦੀ ਪਹਿਲੀ ਫਰਵਰੀ ਤੱਕ ਦੀ ਰਿਪੋਰਟ ’ਤੇ ਨਜ਼ਰ ਮਾਰੀਏ ਤਾਂ 9391 ਰਾਸ਼ਨ ਕਾਰਡ ਰੱਦ ਕੀਤੇ ਜਾ ਚੁੱਕੇ ਹਨ। ਪੰਜਾਬ ਵਿਚ ਕੁੱਲ 40.68 ਲੱਖ ਰਾਸ਼ਨ ਕਾਰਡ ਹਨ, ਜਿਨ੍ਹਾਂ ’ਚੋਂ 20.78 ਲੱਖ ਦੀ ਪੜਤਾਲ ਹੋ ਚੁੱਕੀ ਹੈ। ਇਸ ਪੜਤਾਲ ਵਿੱਚ 1.63 ਲੱਖ ਰਾਸ਼ਨ ਕਾਰਡ ਅਯੋਗ ਪਾਏ ਗਏ ਹਨ, ਜੋ ਕਰੀਬ 7.88 ਫ਼ੀਸਦ ਬਣਦੇ ਹਨ। ਹਾਲਾਂਕਿ ਹਾਲੇ ਸਿਰਫ਼ 51.08 ਫ਼ੀਸਦ ਕਾਰਡਾਂ ਦੀ ਹੀ ਪੜਤਾਲ ਦਾ ਕੰਮ ਨੇਪਰੇ ਚੜ੍ਹਿਆ ਹੈ।

Source link