ਪੱਤਰ ਪ੍ਰੇਰਕ

ਮਾਨਸਾ, 17 ਅਪਰੈਲ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 18 ਅਪਰੈਲ ਤੋਂ ਸਿਹਤ ਮੇਲੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਦੋਹਰੀ ਮਾਰ ਝੱਲ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਬਿਮਾਰੀਆਂ ਦੀ ਰੋਕਥਾਮ ਜਲਦੀ ਜਾਂਚ ਕਰ ਕੇ, ਸਿਹਤ ਸਿੱਖਿਆ ਪ੍ਰਦਾਨ ਕਰ ਕੇ, ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਮਾੜੀਆਂ ਆਦਤਾਂ ਵੀ ਕਈ ਬਿਮਾਰੀਆਂ ਦਾ ਮੁੱਖ ਕਾਰਨ ਹਨ। ਉਹ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਡਾ. ਸਿੰਗਲਾ ਨੇ ਵੱਖ-ਵੱਖ ਪਿੰਡਾਂ ’ਚ ਪਹੁੰਚ ਕੇ ਲੋਕਾਂ ਦਾ ਵੱਡੇ ਬਹੁਮਤ ਨਾਲ ਸੂਬੇ ’ਚ ‘ਆਪ’ ਦੀ ਸਰਕਾਰ ਬਣਾਉਣ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮਾਨਸਾ ਵਾਸੀਆਂ ਨੂੰ ਇਲਾਜ ਲਈ ਦੂਜੇ ਸ਼ਹਿਰਾਂ ਵਿੱਚ ਜਾਣ ਦੀ ਬਿਲਕੁਲ ਲੋੜ ਮਹਿਸੂਸ ਨਹੀਂ ਹੋਵੇਗੀ। ਸਿਹਤ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਲੋਕ ਮਸਲਿਆਂ ਦਾ ਹੱਲ ਕਰਨ ਨੂੰ ਪਹਿਲ ਦੇਣਾ ਆਮ ਆਦਮੀ ਪਾਰਟੀ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਵਿੱਚ ਹਰੇਕ ਵਿਅਕਤੀ ਵਿਸ਼ੇਸ਼ ਆਪਣੇ ਆਪ ’ਚ ਸਰਕਾਰ ਦਾ ਨੁਮਾਇੰਦਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ।

Source link