ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 23 ਜਨਵਰੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 27 ਜਨਵਰੀ ਨੂੰ 400 ਆਮ ਆਦਮੀ ਕਲੀਨਿਕ ਪੰਜਾਬੀਆਂ ਨੂੰ ਤੋਹਫ਼ੇ ਵਜੋਂ ਸਮਰਪਿਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਹਿਲੇ ਪੜਾਅ ਵਿੱਚ 15 ਅਗਸਤ ਨੂੰ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ। ਹੁਣ 400 ਨਵੇਂ ਕਲੀਨਿਕਾਂ ਦੇ ਉਦਘਾਟਨ ਨਾਲ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਧ ਕੇ ਕੁੱਲ 500 ਹੋ ਜਾਵੇਗੀ। ਇੱਥੋਂ ਦੇ ਸੈਕਟਰ-69 ਸਥਿਤ ਡੀਆਰਐੱਮਈ ਦਫ਼ਤਰ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਵਿੱਤ ਹਰਪਾਲ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 27 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਇੱਕ ਉਦਘਾਟਨੀ ਪ੍ਰੋਗਰਾਮ ਹੋਵੇਗਾ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਜਦਕਿ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਕ੍ਰਾਂਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੇ ਹਨ। ਸਿਹਤ ਮੰਤਰੀ ਡਾ. ਬਲਬੀਰ ਨੇ ਆਮ ਆਦਮੀ ਕਲੀਨਿਕ ਦੀਆਂ ਸਫਲਤਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ 10 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਲਾਜ ਦੌਰਾਨ ਜਿੱਥੇ ਤਿੰਨ ਲੱਖ ਤੋਂ ਵੱਧ ਲੋਕਾਂ ਦੇ ਮੁਫ਼ਤ ਟੈੱਸਟ ਕੀਤੇ ਗਏ ਹਨ, ਉੱਥੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ ਹਨ।

Source link