ਜਸਵੰਤ ਜੱਸ

ਫ਼ਰੀਦਕੋਟ, 13 ਦਸੰਬਰ

ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋ ਰਹੀ ਆਮ ਜਨਤਾ ਨੂੰ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਮੌਕੇ ‘ਤੇ ਜਾ ਕੇ ਮਿਲੇ। ਲੋਕਾਂ ਨੇ ਵਿਧਾਇਕ ਕੋਲ ਸ਼ਿਕਾਇਤ ਕੀਤੀ ਕਿ ਭਾਵੇਂ ਸੂਬੇ ਵਿੱਚ ਸਿਆਸੀ ਬਦਲਾਅ ਆ ਗਿਆ ਹੈ ਪਰ ਨਵੀਂ ਸਰਕਾਰ ਬਣਨ ਦੇ ਬਾਵਜੂਦ ਸਰਕਾਰੀ ਅਧਿਕਾਰੀਆਂ ਦੇ ਰਵੱਈਏ ਵਿੱਚ ਕੋਈ ਬਦਲਾਅ ਨਹੀਂ ਆਇਆ ਅਤੇ ਆਮ ਲੋਕਾਂ ਨੂੰ ਆਪਣੇ ਸਾਧਾਰਨ ਕੰਮਾਂ ਲਈ ਦਫ਼ਤਰਾਂ ਵਿੱਚ ਕਈ-ਕਈ ਦਿਨ ਖੱਜਲ ਖੁਆਰ ਹੋਣਾ ਪੈਂਦਾ ਹੈ। ਸਰਕਾਰੀ ਦਫ਼ਤਰਾਂ ਦੇ ਬਾਹਰ ਖੜ੍ਹੇ ਲੋਕਾਂ ਨੇ ਵਿਧਾਇਕ ਨੂੰ ਦੱਸਿਆ ਕਿ ਬਹੁਤੇ ਅਧਿਕਾਰੀ ਆਪਣੇ ਦਫ਼ਤਰਾਂ ਵਿੱਚ ਨਹੀਂ ਬੈਠਦੇ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਮੀਟਿੰਗਾਂ ਅਤੇ ਦੌਰਿਆਂ ਦਾ ਹਵਾਲਾ ਦੇ ਕੇ ਅਕਸਰ ਦਫ਼ਤਰ ਵਿੱਚੋਂ ਗਾਇਬ ਰਹਿੰਦੇ ਹਨ। ਵਿਧਾਇਕ ਨੇ ਲੋਕਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਸੁਧਾਰਾਂ ਦੀ ਲੋੜ ਹੈ ਅਤੇ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰ ਰਹੀ ਹੈ ਅਤੇ ਜਲਦ ਹੀ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਲੋਕਾਂ ਦੇ ਲੰਬਿਤ ਪਏ ਕੰਮਾਂ ਨੂੰ ਤੁਰੰਤ ਨਿਪਟਾਉਣ ਲਈ ਕਿਹਾ। ਵਿਧਾਇਕ ਨੇ ਕਿਹਾ ਕਿ ਉਹ ਜ਼ਿਲ੍ਹੇ ਦੇ ਹਰ ਸਰਕਾਰੀ ਵਿੱਚ ਜਾ ਕੇ ਸਰਕਾਰੀ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੋਕਾਂ ਤੋਂ ਲੈਣਗੇ ਅਤੇ ਇਸ ਦੀ ਰਿਪੋਰਟ ਅਗਲੇ ਹਫ਼ਤੇ ਸਰਕਾਰ ਨੂੰ ਸੌਂਪੀ ਜਾਵੇਗੀ।

Source link