ਗੁਰਦੀਪ ਸਿੰਘ ਲਾਲੀ

ਸੰਗਰੂਰ, 13 ਦਸੰਬਰ

4161 ਮਾਸਟਰ ਕੇਡਰ ਦੀ ਭਰਤੀ ਪ੍ਰਕਿਰਿਆ ਮੁਕੰਮਲ ਨਾ ਹੋਣ ਦੇ ਰੋਸ ਵਜੋਂ ਮਾਸਟਰ ਕੇਡਰ ਦੀ ਭਰਤੀ ਦੇ ਉਮੀਦਵਾਰਾਂ ਵਲੋਂ ਅੱਜ ਇਥੇ ਮੁੱਖ ਮੰਤਰੀ  ਭਗਵੰਤ ਮਾਨ ਦੀ ਕੋਠੀ ਅੱਗੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ ਤੇ ਭਰਤੀ ਲਈ ਕਾਊਂਸਲਿੰਗ ਕਰਵਾ ਚੁੱਕੇ ਉਮੀਦਵਾਰਾਂ ਵਲੋਂ ਲਗਾਤਾਰ ਹੋ ਰਹੀ ਦੇਰੀ ਖ਼ਿਲਾਫ਼ ਨਾਰਾਜ਼ਗੀ ਜਤਾਈ ਗਈ। ਇਸ ਮੌਕੇ ਪੰਜਾਬ ਭਰ ਤੋਂ 4161 ਉਮੀਦਵਾਰ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸਨ ਪਰ ਪੁਲੀਸ ਵਲੋਂ ਸਖ਼ਤ ਨਾਕੇਬੰਦੀ ਕਰਕੇ ਅੱਗੇ ਨਹੀਂ ਵਧਣ ਦਿੱਤਾ ਗਿਆ ਜਿਸ ਕਾਰਨ ਪ੍ਰਦਰਸ਼ਨਕਾਰੀਆਂ ਵਲੋਂ ਸੜਕ ਉਪਰ ਹੀ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ। 

4161 ਮਾਸਟਰ ਕੇਡਰ ਦੀ ਭਰਤੀ ਦੇ ਉਮੀਦਵਾਰ ਅੱਜ ਵੱਖ-ਵੱਖ ਜ਼ਿਲ੍ਹਿਆਂ ਤੋਂ ਇਥੇ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਗੇਟ ਅੱਗੇ ਪੁੱਜੇ ਜਿਥੇ ਪਹਿਲਾਂ ਤੋਂ ਹੀ ਪੁਲੀਸ ਵਲੋਂ ਸਖਤ ਨਾਕੇਬੰਦੀ ਕੀਤੀ ਹੋਈ ਸੀ। ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਸੰਦੀਪ ਸਿੰੰਘ ਗਿੱਲ ਨੇ ਦੱਸਿਆ ਕਿ 4161 ਮਾਸਟਰ ਕੇਡਰ ਭਰਤੀ ਪ੍ਰਕਿਰਿਆ ਦਾ ਸਾਰਾ ਕੰਮ ਮੁਕੰਮਲ ਹੋ ਚੁੱਕਿਆ ਹੈ ਪਰ ਅਜੇ ਤੱਕ ਭਰਤੀ ਬੋਰਡ ਵਲੋਂ ਚੁਣੇ ਗਏ ਉਮੀਦਵਾਰਾਂ ਦੀ ਸੂਚੀ ਵੀ ਜਾਰੀ ਨਹੀਂ ਕੀਤੀ ਗਈ ਜਿਸ ਕਾਰਨ ਉਮੀਦਵਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਮੰਗ ਕੀਤੀ ਕਿ ਭਰਤੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਕੇ ਕਾਊਂਸਲਿੰਗ ਕਰਵਾ ਚੁੱਕੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾਵੇ ਅਤੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ। ਰੋਸ ਧਰਨੇ ਦੌਰਾਨ ਜ਼ਿਲ੍ਹਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਵਲੋਂ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਅਤੇ ਡੀਐਸਪੀ ਅਜੈਪਾਲ ਸਿੰਘ ਪੁੱਜੇ ਜਿਨ੍ਹਾਂ ਨੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮਗਰੋਂ ਪ੍ਰਸ਼ਾਸਨ ਵਲੋਂ ਉਮੀਦਵਾਰਾਂ ਦੀ ਮੁੱਖ ਮੰਤਰੀ ਪੰਜਾਬ ਦੇ ਓਐਸਡੀ ਨਾਲ 22 ਦਸੰਬਰ ਨੂੰ ਮੀਟਿੰਗ ਤੈਅ ਕਰਵਾ ਦਿੱਤੀ ਗਈ ਜਿਸ ਮਗਰੋਂ ਧਰਨਾ ਸਮਾਪਤ ਕੀਤਾ ਗਿਆ। ਧਰਨਾਕਾਰੀਆਂ ਨੇ ਕਿਹਾ ਕਿ ਜੇ 22 ਦਸੰਬਰ ਨੂੰ ਮੀਟਿੰਗ ਨਾ ਕੀਤੀ ਗਈ ਅਤੇ ਮਸਲਾ ਹੱਲ ਨਾ ਹੋਇਆ ਤਾਂ 25 ਦਸੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।  

 

Source link