ਖੇਤਰੀ ਪ੍ਰਤੀਨਿਧ

ਐੱਸ.ਏ.ਐੱਸ.ਨਗਰ (ਮੁਹਾਲੀ), 2 ਫਰਵਰੀ

ਕੌਮੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੱਜ ਆਪਣੇ ਸਾਥੀਆਂ ਸਮੇਤ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਚੱਲ ਰਹੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਰਿੰਦਰ ਸਿੰਘ ਲੱਖੋਵਾਲ ਸਣੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਤੇ ਕਾਰਕੁਨ ਮੌਜੂਦ ਸਨ। ਸ੍ਰੀ ਟਿਕੈਤ ਨੇ ਇਸ ਮੌਕੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀਆਂ ਨੂੰ ਛੱਡਿਆ ਜਾਵੇ।

ਉਨ੍ਹਾਂ ਧਰਨੇ ਦੇ ਪ੍ਰਬੰਧਕਾਂ ਨੂੰ ਪੂਰੀ ਤਰ੍ਹਾਂ ਸੁਚੇਤ ਹੋ ਕੇ ਧਰਨਾ ਚਲਾਉਣ ਲਈ ਆਖਿਆ। ਸ੍ਰੀ ਅੰਮ੍ਰਿਤਸਰ ਸਾਹਿਬ ਦੀ ਰਾਗੀ ਸਭਾ ਦੇ ਮੁੱਖ ਸੇਵਾਦਾਰ ਭਾਈ ਉਂਕਾਰ ਸਿੰਘ ਹਾਜ਼ਰੀ ਨੇ ਆਪਣੇ ਸਾਥੀਆਂ ਸਮੇਤ ਧਰਨੇ ਵਿੱਚ ਸ਼ਮੂਲੀਅਤ ਕਰ ਕੇ ਰਾਗੀ ਸਭਾ ਵੱਲੋਂ ਕੌਮੀ ਇਨਸਾਫ਼ ਮੋਰਚੇ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਧਰਨੇ ਦੇ ਪ੍ਰਬੰਧਕ ਜਸਵਿੰਦਰ ਸਿੰਘ ਰਾਜਪੁਰਾ, ਗੁਰਚਰਨ ਸਿੰਘ, ਪਾਲ ਸਿੰਘ ਫਰਾਂਸ, ਅਮਰ ਸਿੰਘ ਚਾਹਲ ਆਦਿ ਵੀ ਮੌਜੂਦ ਸਨ।

Source link