ਪੱਤਰ ਪ੍ਰੇਰਕ
ਚੰਡੀਗੜ੍ਹ, 13 ਜਨਵਰੀ

ਪੰਜਾਬ ਵਿੱਚ ਤਤਕਾਲੀ ਕਾਂਗਰਸ ਪਾਰਟੀ ਦੀ ਸਰਕਾਰ ਵਿਚਲੇ ਖਜ਼ਾਨਾ ਮੰਤਰੀ ਵੱਲੋਂ ਪੈਨਸ਼ਨਰ ਵਰਗ ਨੂੰ ਛੇਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮਾਂ ਨਾਲੋਂ ਘੱਟ ਗੁਣਾਂਕ ਦੇਣ ਉਪਰੰਤ ਉਲਝੀ ਤਾਣੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਸੁਲਝਾਈ ਨਹੀਂ ਜਾ ਸਕੀ ਹੈ। ਆਪਣੇ ਨਾਲ ਹੋਏ ਵਿਤਕਰੇ ਨੂੰ ਦੂਰ ਕਰਵਾਉਣ ਲਈ ਪੈਨਸ਼ਨਰ ਆਗੂ ਮੌਜੂਦਾ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਕਈ ਵਾਰ ਚੱਕਰ ਲਗਾ ਚੁੱਕੇ ਹਨ ਪ੍ਰੰਤੂ ਉਨ੍ਹਾਂ ਨੂੰ ਨਾ ਤਾਂ ਮੰਤਰੀ ਨਾਲ ਅਤੇ ਨਾ ਹੀ ਉੱਚ ਅਧਿਕਾਰੀਆਂ ਨਾਲ ਮੀਟਿੰਗ ਦਾ ਸਮਾਂ ਮਿਲਿਆ।

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕੋਆਰਡੀਨੇਟਰ ਕੋਆਰਡੀਨੇਟਰ ਕਰਮ ਸਿੰਘ ਧਨੋਆ ਤੇ ਜਗਦੀਸ਼ ਸਿੰਘ ਸਰਾਓ ਨੇ ਦੱਸਿਆ ਕਿ ਉਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਧਿਆਨ ਵਿੱਚ ਲਿਆ ਚੁੱਕੇ ਹਨ ਕਿ ਪਿਛਲੀ ਕਾਂਗਰਸ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮਾਂ ਨੂੰ 2.59 ਗੁਣਾਂਕ ਦਿੱਤਾ ਜਦਕਿ ਪੈਨਸ਼ਨਰਾਂ ਨੂੰ ਦਿੱਤੇ ਗਏ 15 ਪ੍ਰਤੀਸ਼ਤ ਵਾਧੇ ਨਾਲ ਪੈਨਸ਼ਨਰਾਂ ਵਾਸਤੇ ਇਹ ਗੁਣਾਂਕ 2.44 ’ਤੇ ਹੀ ਅਟਕ ਗਿਆ। ਇਸ ਤੋਂ ਪਹਿਲਾਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਉਤੇ ਇੱਕ ਬਰਾਬਰ ਲਾਗੂ ਹੋਇਆ ਕਰਦੀਆਂ ਸਨ। ਉਨ੍ਹਾਂ ਦੀ ਮੰਗ ਹੈ ਕਿ ਪੈਨਸ਼ਨਰਾਂ ਨੂੰ ਮੁਲਾਜ਼ਮਾਂ ਦੀ ਤਰਜ਼ ਉਤੇ 2.59 ਗੁਣਾਂਕ ਦਿੱਤਾ ਜਾਵੇ ਅਤੇ ਕੇਂਦਰ ਸਰਕਾਰ ਦੀ ਤਰਜ਼ ਉਤੇ ਡੀ.ਏ. 38 ਪ੍ਰਤੀਸ਼ਤ ਦਿੱਤਾ ਜਾਵੇ। ਉਨ੍ਹਾਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਦੇ ਹੱਲ ਲਈ ਪੈਨਲ ਮੀਟਿੰਗ ਦਿੱਤੀ ਜਾਵੇ।

Source link