ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ

ਉੱਤਰ ਪ੍ਰਦੇਸ਼ ਦੇ ਲਖਮੀਪੁਰ ਖੀਰੀ ਵਿੱਚ ਐਤਵਾਰ ਨੂੰ ਹਿੰਸਕ ਘਟਨਾ, ਜਿਸ ਵਿੱਚ ਕਈ ਕਿਸਾਨਾਂ ਦੀ ਮੌਤ ਹੋ ਗਈ ਸੀ, ਖ਼ਿਲਾਫ਼ ਅੱਜ ਵੱਖ-ਵੱਖ ਥਾਈਂ ਰੋਸ ਮੁਜ਼ਾਹਰੇ ਕੀਤੇ ਗਏ ਹਨ।

InterServer Web Hosting and VPS

ਡੀਸੀ ਦਫਤਰ ਫ਼ਤਹਿਗੜ੍ਹ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ ਏਕਤਾ) ਦੇ ਆਗੂ ਗੁਰਦੀਪ ਸਿੰਘ ਸੰਧੂ ਕੋਟਲਾ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਡੀਸੀ ਫਤਹਿਗੜ੍ਹ ਸਾਹਿਬ ਰਾਹੀਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਭੇਜ ਕੇ ਦੋਸ਼ੀਆਂ ਵਿਰੁੱਧ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ। ਕੋਟਲਾ ਨੇ ਕਿਹਾ ਅਜਿਹੀਆਂ ਘਟਨਾਵਾਂ ਤੋਂ ਸਿੱਧ ਹੁੰਦਾ ਹੈ ਕਿ ਸ਼ਾਂਤੀਪੂਰਵਕ ਅੰਦੋਲਨ ਕਰ ਰਹੇ ਅੰਨਦਾਤੇ ਵਿਰੁਧ ਯੋਜਨਾਬੱਧ ਹਿੰਸਾ ਲਈ ਭਾਜਪਾ ਆਪਣੇ ਅਹੁਦਿਆਂ ਦੀ ਨਾਜਾਇਜ਼ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਤੇ ਉਸ ਦੇ ਸਾਥੀਆਂ ’ਤੇ ਕਤਲ ਕੇਸ ਦਰਜ ਕਰਨ ਅਤੇ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਇਕ ਐੱਸਆਈਟੀ ਤੋਂ ਕਰਵਾਉਣ ਦੀ ਮੰਗ ਕੀਤੀ।

ਫਤਹਿਗੜ੍ਹ ਸਾਹਿਬ ’ਚ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ ਵਰਕਰ। – ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਬੀਬੀ ਮਨਦੀਪ ਕੌਰ ਨਾਗਰਾ ਦੀ ਅਗਵਾਈ ’ਚ ਕਾਂਗਰਸ ਤੇ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਡੀ.ਸੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕੇ ਗਏ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਦੀ ਦਰਿੰਦਗੀ ਦੇਸ਼ ਵਿੱਚੋਂ ਭਾਜਪਾ ਦੀ ਜੜ੍ਹ ਪੁੱਟਣ ਦਾ ਕਾਰਨ ਬਣੇਗੀ।

ਰੂਪਨਗਰ (ਪੱਤਰ ਪ੍ਰੇਰਕ): ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਰੂਪਨਗਰ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਸਤਨਾਮ ਸਿੰਘ, ਜਰਨੈਲ ਸਿੰਘ, ਪਰਗਟ ਸਿੰਘ ਰੋਲੂ ਮਾਜਰਾ ਆਦਿ ਬੁਲਾਰਿਆਂ ਨੇ ਲਖੀਮਪੁਰ ਖੀਰੀ ਘਟਨਾ ਦੀ ਨਿਖੇਧੀ ਕਰਦਿਆਂ ਘਟਨਾ ਲਈ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਧਰਨੇ ਮਗਰੋਂ ਕਿਸਾਨ ਜਥੇਬੰਦੀਆਂ ਨੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਵੀ ਡੀਸੀ ਰੂਪਨਗਰ ਨੂੰ ਸੌਪਿਆ।

ਖਰੜ (ਪੱਤਰ ਪ੍ਰੇਰਕ): ਇੱਥੇ ਸਥਾਨਕ ਕਾਂਗਰਸੀ ਆਗੂਆਂ ਵੱਲੋਂ ਬੱਸ ਸਟੈਂਡ ਕੋਲ ਪ੍ਰਧਾਨ ਮੰਤਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਗਿਆ। ਖਰੜ ਸਿਟੀ ਕਾਂਗਰਸ ਦੇ ਪ੍ਰਧਾਨ ਯਸ਼ਪਾਲ ਬਾਂਸਲ, ਸੀਨੀਅਰ ਕੌਂਸਲਰ ਕਮਲ ਕਿਸ਼ੋਰ ਕਾਲਾ ਆਦਿ ਆਗੂਆਂ ਪਾਰਟੀ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਪ੍ਰਦੇਸ਼ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਭਾਜਪਾ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਲਖਮੀਪੁਰ ਖੀਰੀ ਘਟਨਾ ਲਈ ਜ਼ਿੰਮੇਵਾਰਾਂ ਕਾਰਵਾਈ ਕੀਤੀ ਜਾਵੇ।

ਅਮਲੋਹ (ਪੱਤਰ ਪ੍ਰੇਰਕ): ਇੱਥੇ ਕਾਂਗਰਸ ਦਫ਼ਤਰ ਵਿੱਚ ਬਲਾਕ ਪ੍ਰਧਾਨ ਜਗਵੀਰ ਸਿੰਘ ਸਰਪੰਚ ਸਲਾਣਾ ਅਤੇ ਕੈਬਨਿਟ ਮੰਤਰੀ ਦੇ ਨਿੱਜੀ ਸਕੱਤਰ ਰਾਮ ਕ੍ਰਿਸ਼ਨ ਭੱਲਾ ਦੀ ਅਗਵਾਈ ਵਿਚ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦਾ ਪੁਤਲਾ ਫੂਕਿਆ ਅਤੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਨੇ ਲਖੀਮਪੁਰ ਖੀਰੀ ਘਟਨਾ ਦੇ ਸਬੰਧ ’ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਭੜਕਾਊ ਬਿਆਨ ਅਤੇ ਕਾਂਗਰਸੀ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਦੀ ਗ੍ਰਿਫ਼ਤਾਰੀ ਦਾ ਵਿਰੋਧ ਵੀ ਕੀਤਾ।

ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ): ਅਕਾਲੀ ਬਸਪਾ ਗਠਜੋੜ ਦੇ ਹਲਕਾ ਖਰੜ੍ਹ ਤੋਂ ਉਮੀਦਵਾਰ ਰਾਣਾ ਰਣਜੀਤ ਸਿੰਘ ਗਿੱਲ ਨੇ ਲਖੀਮਪੁਰ ਖੀਰੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੁਣ ਘਟੀਆ ਹਥਕੰਡਿਆਂ ਤੇ ਉੱਤਰ ਆਈ, ਜਿਸ ਦੀ ਪੁਸ਼ਟੀ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਦੇ ਭੜਕਾਊ ਬਿਆਨ ਤੋਂ ਹੁੰਦੀ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਦੀ ਮੰਗ ਕੀਤੀ ਹੈ।

ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਇੱਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਟੀ ਪੁਆਇੰਟ ਚੌਕ ’ਤੇ ਅਕਾਲੀ ਦਲ ਦੇ ਮੈਂਬਰਾਂ ਅਤੇ ਕਿਸਾਨ ਮਜ਼ਦੂਰਾਂ ਵੱਲੋਂ ਮੋਦੀ ਤੇ ਯੋਗੀ ਸਰਕਾਰਾਂ ਖਿਲਾਫ ਰੋਸ ਮੁਜ਼ਾਹਰਾ ਕਰਦਿਆਂ ਨਾਅਰੇਬਾਜੀ ਕੀਤੀ। ਅਕਾਲੀ ਦਲ ਦੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਬਲਦੇਵ ਸਿੰਘ ਹਾਫਿਜ਼ਾਬਾਦ ਆਦਿ ਆਗੂਆਂ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੇ ਅੰਦੋਲਨ ਨੂੰ ਤਾਨਾਸ਼ਾਹੀ ਤਰੀਕੇ ਨਾਲ ਗੁੰਡਾਗਰਦੀ ਰਾਹੀਂ ਕੁਚਲਨਾ ਚਾਹੁੰਦੀ ਹੈ ਪਰ ਕਿਸਾਨ ਅਜਿਹਾ ਨਹੀਂ ਹੋਣ ਦੇਣਗੇ।

ਲਖੀਮਪੁਰ ਖੀਰੀ ਘਟਨਾ ਫਸਲਾਂ ਅਤੇ ਨਸਲਾਂ ਖਤਮ ਕਰਨ ਦੀ ਸਾਜਿਸ਼ ਕਰਾਰ

ਲਾਲੜੂ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਲਖੀਮਪੁਰ ਖੀਰੀ ’ਚ ਕਿਸਾਨਾਂ ’ਤੇ ਭਾਜਪਾ ਦੇ ਮੰਤਰੀਆਂ ਵਲੋਂ ਕੀਤੇ ਕਥਿਤ ਕਾਤਲਾਨਾ ਹਮਲੇ ਨੂੰ ਕਿਸਾਨਾ ਦੀਆਂ ਫਸਲਾਂ ਅਤੇ ਨਸਲਾਂ ਨੂੰ ਖਤਮ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ। ਯੂਨੀਅਨ ਦੇ ਆਗੂ ਜਸਵੰਤ ਸਿੰਘ ਕੁਰਲੀ ਆਦਿ ਨੇ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਕਿਸਾਨਾਂ, ਮਜ਼ਦੂਰਾਂ ਦੀ ਹੋਂਦ ਨੂੰ ਖਤਮ ਕਰਨ ਵਾਲਾ ਸੀ, ਜਿਸ ਨਾਲ ਭਾਜਪਾ ਦਾ ਖੂਨੀ ਚਿਹਰਾ ਸਾਹਮਣੇ ਆ ਗਿਆ ਹੈ। ਆਗੂਆਂ ਨੇ ਸਮੂਹ ਸਿਆਸੀ, ਸਮਾਜਿਕ ਜਥੇਬੰਦੀਆਂ ਨੂੰ ਪਾਰਟੀਬਾਜ਼ੀ ਤੋਂ ਉੱਠ ਕੇ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਦੀ ਅਪੀਲ ਕੀਤੀ, ਤਾਂ ਜੋ ਆਪਣੀਆਂ ਫਸਲਾਂ ਤੇ ਨਸਲਾਂ ਦੀ ਰਾਖੀ ਕੀਤੀ ਜਾ ਸਕੇ।

ਘਟਨਾ ਲਈ ਜ਼ਿੰਮੇਵਾਰਾਂ ਨੂੰ ਫ਼ਾਂਸੀ ਦੀ ਸਜ਼ਾ ਦਿੱਤੀ ਜਾਵੇ: ਬੱਬੀ ਬਾਦਲ

ਮੁਹਾਲੀ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਲਖੀਮਪੁਰ ਖੀਰੀ (ਯੂਪੀ) ਵਿੱਚ ਕਿਸਾਨਾਂ ਨਾਲ ਵਾਪਰੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਿਨੌਣੇ ਜੁਰਮ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਉਕਤ ਘਟਨਾ ਦੀ ਨਿਰਪੱਖ ਤੇ ਨਿਆਇਕ ਜਾਂਚ ਹੋਣੀ ਚਾਹੀਦੀ ਹੈ।

Source link