ਪੱਤਰ ਪ੍ਰੇਰਕ
ਜ਼ੀਰਾ, 23 ਦਸੰਬਰ

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਨੇ ਅੱਜ ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਦੇ ਮੁੱਦੇ ’ਤੇ ਕੇਂਦਰੀ ਵਾਤਾਵਰਨ ਮੰਤਰੀ ਭੁਪਿੰਦਰ ਯਾਦਵ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕੇਂਦਰੀ ਵਜ਼ੀਰ ਕੋਲ ਸੰਘਰਸ਼ਸ਼ੀਲ ਲੋਕਾਂ ਦਾ ਦਰਦ ਫਰੋਲਿਆ ਅਤੇ ਮਸਲੇ ਦਾ ਢੁਕਵਾਂ ਹੱਲ ਕੱਢਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ’ਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਸ਼ੱਦਦ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਮੰਤਰੀ ਕੋਲ ਮੁੱਦਾ ਉਠਾਇਆ ਕਿ ਮਨਸੂਰਵਾਲ ਕਲਾਂ ਸ਼ਰਾਬ ਫੈਕਟਰੀ ਨੇ 15 ਕਿਲੋਮੀਟਰ ਦੇ ਘੇਰੇ ’ਚ ਆਉਂਦੇ ਪਿੰਡਾਂ ਦੀ ਆਬੋ-ਹਵਾ ਪ੍ਰਦੂਸ਼ਿਤ ਕਰ ਦਿੱਤੀ ਹੈ, ਜਿਸ ਕਾਰਨ ਲੋਕ ਕੈਂਸਰ, ਚਮੜੀ ਵਰਗੀਆਂ ਬਿਮਾਰੀਆਂ ਆਦਿ ਤੋਂ ਪੀੜਤ ਹੋ ਰਹੇ ਹਨ ਪਰ ਪੰਜਾਬ ਸਰਕਾਰ ਲੋਕਾਂ ਦੀ ਸੁਣਨ ਦੀ ਬਜਾਏ ਸ਼ਰਾਬ ਫੈਕਟਰੀ ਮਾਲਕਾਂ ਦਾ ਪੱਖ ਪੂਰ ਰਹੀ ਹੈ। ਸ੍ਰੀ ਡਿੰਪਾ ਨੇ ਕਿਹਾ ਕਿ ਪ੍ਰਦਰਸ਼ਨ ਕਰਨ ਵਾਲੇ ਸੈਂਕੜੇ ਲੋਕਾਂ ’ਤੇ ਮਾਮਲੇ ਦਰਜ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ’ਚ ਸਰਕਾਰ ਪ੍ਰਤੀ ਗੁੱਸਾ ਵਧ ਰਿਹਾ ਹੈ ਤੇ ਉਹ ਹਰ ਤਰ੍ਹਾਂ ਦੀ ਕੁਰਬਾਨੀ ਲਈ ਤਿਆਰ ਹਨ। ਉਨ੍ਹਾਂ ਮੰਗ ਕੀਤੀ ਕਿ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਕੇਂਦਰ ਤਰਫ਼ੋਂ ਜਾਂਚ ਵਾਸਤੇ ਟੀਮਾਂ ਭੇਜੀਆਂ ਜਾਣ ਜਾਂ ਇਸ ਨੂੰ ਬੰਦ ਕਰਵਾਇਆ ਜਾਵੇ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਕਿ ਇਹ ਬਹੁਤ ਹੀ ਨਾਜ਼ੁਕ ਮਸਲਾ ਹੈ ਤੇ ਇਸ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਕੇਂਦਰੀ ਮੰਤਰੀ ਭੁਪਿੰਦਰ ਯਾਦਵ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨੂੰ ਟੀਮ ਬਣਾ ਕੇ ਚਾਰ ਦਿਨ ਦੇ ਅੰਦਰ-ਅੰਦਰ ਮੌਕੇ ’ਤੇ ਭੇਜਣ ਲਈ ਕਿਹਾ ਤੇ ਜਾਂਚ ਦੇ ਹੁਕਮ ਦਿੱਤੇ।  

Source link