ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 22 ਨਵੰਬਰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੇ ਸਿੱਖ ਸੰਸਥਾ ਦੇ ਵੱਖ-ਵੱਖ ਵਿਭਾਗਾਂ ਦੇ ਇੰਚਾਰਜ ਕੁਝ ਮੈਂਬਰਾਂ ਨੂੰ ਲਾਏ ਜਾਣ ਦੇ ਫੈਸਲੇ ਦਾ ਵਿਰੋਧ ਕੀਤਾ ਹੈ ਅਤੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਵਿਰੋਧੀ ਧਿਰ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਨੂੰ ਏਜੰਡੇ ਵਿੱਚ ਸ਼ਾਮਲ ਕਰਨ ਲਈ ਮੰਗ ਪੱਤਰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ।

ਇਨ੍ਹਾਂ ਮੈਂਬਰਾਂ ਵਿੱਚ ਗੁਰਪ੍ਰੀਤ ਸਿੰਘ ਰੰਧਾਵਾ, ਮਲਕੀਤ ਸਿੰਘ ਚੰਗਾਲ, ਭੁਪਿੰਦਰ ਸਿੰਘ ਅਸੰਧ ਸ਼ਾਮਲ ਸਨ। ਵਿਰੋਧੀ ਧਿਰ ਦੇ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਵਿਭਾਗਾਂ ਦੇ ਇੰਚਾਰਜ ਲਾਉਣ ਦਾ ਫੈਸਲਾ ਸਿੱਖ ਗੁਰਦੁਆਰਾ ਐਕਟ ਦੀ ਉਲੰਘਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਲਿਆ ਹੈ। ਵਿਰੋਧੀ ਧਿਰ ਦੇ ਮੈਂਬਰਾਂ ਨੇ ਇਸ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਇਹ ਗ਼ੈਰਕਾਨੂੰਨੀ ਫੈਸਲਾ ਹੈ, ਇਸ ਲਈ ਕਿਸੇ ਵੀ ਮੈਂਬਰ ਇੰਚਾਰਜ ਨੂੰ ਵਾਹਨ ਦੀ ਸਹੂਲਤ ਤੇ ਗੁਰੂ-ਘਰ ਦੇ ਸਰਮਾਏ ਨੂੰ ਵਰਤਣ ਦੀ ਸਹੂਲਤ ਨਾ ਦਿੱਤੀ ਜਾਵੇ।

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਨਿੱਜੀ ਚੈਨਲ ਸ਼ੁਰੂ ਨਾ ਕੀਤੇ ਜਾਣ ’ਤੇ ਇਤਰਾਜ਼ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ-ਘਰ ਵਿੱਚ ਲੰਗਰ ਤਾਂ ਮੁਫ਼ਤ ਹਨ ਪਰ ਗੁਰਬਾਣੀ ਦੇ ਪ੍ਰਸਾਰਨ ਦਾ ਮੁੱਲ ਵੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਪਣਾ ਨਿੱਜੀ ਚੈਨਲ ਸ਼ੁਰੂ ਕਰਨ ਦਾ ਆਦੇਸ਼ ਦਿੱਤਾ ਗਿਆ ਸੀ ਪਰ ਸਿੱਖ ਸੰਸਥਾ ਜਥੇਦਾਰ ਦਾ ਆਦੇਸ਼ ਮੰਨਣ ਤੋਂ ਇਨਕਾਰੀ ਹੈ। 

Source link