ਗੁਰਦੀਪ ਸਿੰਘ ਲਾਲੀ

ਸੰਗਰੂਰ, 13 ਅਕਤੂਬਰ

InterServer Web Hosting and VPS

ਟੈਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾਈ ਵਫ਼ਦ ਦੀ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਚੰਡੀਗੜ੍ਹ ਵਿੱਚ ਪੈਨਲ ਮੀਟਿੰਗ ਹੋਈ ਜਿਸ ਵਿੱਚ ਸਕੂਲ ਸਿੱਖਿਆ ਸਕੱਤਰ ਅਤੇ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਹੋਏ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਨਵੇਂ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਵਿਚ ਮੰਗਾਂ ਸਬੰਧੀ ਵਧੀਆ ਹੁੰਗਾਰਾ ਭਰਿਆ ਗਿਆ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਵਲੋਂ 31 ਮਾਰਚ 2022 ਤੱਕ ਖਾਲੀ ਹੋਣ ਵਾਲੀਆਂ ਸਾਰੀਆਂ ਅਸਾਮੀਆਂ ਨੂੰ ਭਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ’ਚ ਟੈਂਕੀ ’ਤੇ ਚੜ੍ਹਿਆ ਬੇਰੁਜ਼ਗਾਰ ਅਧਿਆਪਕ ਮੁਨੀਸ਼ ਨੂੰ 53 ਦਿਨ ਬੀਤ ਚੁੱਕੇ ਹਨ ਜਦੋਂ ਕਿ ਟੈਂਕੀ ਹੇਠਾਂ ਪੱਕਾ ਮੋਰਚਾ ਜਾਰੀ ਹੈ। ਬੇਰੁਜ਼ਗਾਰ ਅਧਿਆਪਕ ਮਾਸਟਰ ਕੇਡਰ ਵਿਚ ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਵੱਡੀ ਗਿਣਤੀ ਅਸਾਮੀਆਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਿੱਖਿਆ ਮੰਤਰੀ ਵਲੋਂ ਖਾਲੀ ਅਸਾਮੀਆਂ ਭਰਨ ਦਾ ਭਰੋਸਾ ਦਿੱਤਾ ਗਿਆ ਹੈ ਪਰ ਸਰਕਾਰਾਂ ਦੇ ਭਰੋਸੇ ’ਤੇ ਸੰਘਰਸ਼ ਨੂੰ ਛੱਡਿਆ ਨਹੀਂ ਜਾ ਸਕਦਾ। ਇਸ ਲਈ ਸੰਘਰਸ਼ ਹਰ ਹਾਲਤ ਵਿਚ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਭਰਤੀ ਦਾ ਇਸ਼ਤਿਹਾਰ ਜਾਰੀ ਨਾ ਕੀਤਾ ਗਿਆ ਤਾਂ 17 ਅਕਤੂਬਰ ਨੂੰ ਵੰਗਾਰ ਰੈਲੀ ਕਰਕੇ ਮੁੜ ਮੋਰਿੰਡਾ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ।

Source link