ਸੰਤੋਖ ਗਿੱਲ

ਗੁਰੂਸਰ ਸੁਧਾਰ, 21 ਨਵੰਬਰ

ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਤਹਿਤ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੀ ਮਦਦ ਨਾਲ ਬੀਤੇ ਐਤਵਾਰ ਬਲਾਕ ਪੱਖੋਵਾਲ ਦੇ ਪਿੰਡ ਛਪਾਰ ਤੇ ਧੂਲਕੋਟ ਦੇ ਜਿਨ੍ਹਾਂ ਖੇਤਾਂ ਵਿਚਲੀ ਫ਼ਸਲ ਬਰਬਾਦ ਕੀਤੀ ਗਈ ਸੀ, ਅੱਜ ਉਥੇ ਭਾਕਿਯੂ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਮੁੜ ਕਣਕ ਦੀ ਬਿਜਾਈ ਕਰਵਾਈ ਗਈ ਹੈ। ਭਾਕਿਯੂ ਏਕਤਾ (ਉਗਰਾਹਾਂ) ਬਲਾਕ ਪੱਖੋਵਾਲ ਦੇ ਪ੍ਰਧਾਨ ਕੁਲਦੀਪ ਸਿੰਘ ਗੁੱਜਰਵਾਲ, ਚਰਨਜੀਤ ਸਿੰਘ ਫੱਲੇਵਾਲ, ਰੋਡ ਸੰਘਰਸ਼ ਯੂਨੀਅਨ ਦੇ ਪ੍ਰਧਾਨ ਬਿੱਕਰਜੀਤ ਸਿੰਘ ਕਾਲਖ ਤੇ ਸਕੱਤਰ ਪਰਮਜੀਤ ਸਿੰਘ ਕੋਟ ਆਗਾ ਦੀ ਅਗਵਾਈ ਹੇਠ ਅੱਜ ਇੱਥੇ ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਕਤ ਖੇਤਾਂ ਵਿੱਚ ਮੁੜ ਕਣਕ ਦੀ ਬਿਜਾਈ ਕਰਵਾ ਕੇ ਇਨ੍ਹਾਂ ’ਤੇ ਕਿਸਾਨਾਂ ਦਾ ਕਬਜ਼ਾ ਬਹਾਲ ਕਰਵਾਇਆ ਗਿਆ ਹੈ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਮੁੜ ਅਜਿਹੀ ਕੋਈ ਕਾਰਵਾਈ ਕੀਤੀ ਗਈ ਤਾਂ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਸਲੇ ਦਾ ਹੱਲ ਗੱਲਬਾਤ ਰਾਹੀਂ ਤੇ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਕੀਤਾ ਜਾਵੇ। ਇਸ ਮੌਕੇ ਕਿਸਾਨ ਆਗੂ ਕਰਮਜੀਤ ਸਿੰਘ ਕੋਟ ਆਗਾ, ਪ੍ਰਧਾਨ ਨਿੰਦਰ ਸਿੰਘ ਛਪਾਰ, ਰਮਾਇਣਜੀਤ ਸਿੰਘ ਬੱਲੋਵਾਲ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।

Source link